After Sumedh Saini four other : 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਮਾਮਲੇ ਵਿਚ ਥਾਣਾ ਮਟੌਰ ਵਿਚ ਦਰਜ ਕੇਸ ਵਿਚ ਸੁਮੇਧ ਸਿੰਘ ਸੈਣੀ ਤੋਂ ਬਾਅਦ ਹੁਣ ਕੇਸ ਵਿਚ ਨਾਮਜ਼ਦ ਚਾਰ ਸਾਬਕਾ ਪੁਲਿਸ ਅਧਿਕਾਰੀਆਂ ਨੇ ਵੀ ਪੇਸ਼ਗੀ ਜ਼ਮਾਨਤ ਲਈ ਮੋਹਾਲੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਨ੍ਹਾਂ ਵਿਚ ਸਬ-ਇੰਸਪੈਕਟਰ ਹਰਸਹਾਏ ਸ਼ਰਮਾ, ਜਗੀਰ ਸਿੰਘ, ਅਨੂਪ ਸਿੰਘ ਤੇ ਏਐਸਆਈ ਕੁਲਦੀਪ ਸਿੰਘ ਨੇ ਐਡਿਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅਦਾਲਤ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ।
ਦੱਸ ਦੇਈਏ ਕਿ ਇਸ ਮਾਮਲੇ ਵਿਚ ਸੁਮੇਧ ਸਿੰਘ ਸੈਣੀ ਸਣੇ 8 ਖਿਲਾਫ ਮੋਹਾਲੀ ਦੇ ਮਟੌਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। ਬੀਤੀ 11 ਮਈ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਇਸ ਮਾਮਲੇ ਵਿਚ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਸੀ। ਇਥੇ ਦੱਸਣਯੋਗ ਹੈ ਕਿ ਡੀਜੀਪੀ ਸੈਣੀ ਸਣੇ 8 ਪੁਲਿਸ ਅਧਿਕਾਰੀਆਂ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਈਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ।
ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਚੁੱਕਿਆ ਸੀ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਪਿਛਲੇ ਦਿਨੀਂ ਪੀੜਤ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਾਸੀ ਜਲੰਧਰ ਵੱਲੋਂ ਦਿੱਤੀ ਗਈ ਅਰਜ਼ੀ ’ਤੇ ਸਾਬਕਾ ਡੀਜੀਪੀ ’ਤੇ ਬੀਤੀ 6 ਮਈ ਨੂੰ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।