Akali Dal besieged MLA Sikki : ਜਲੰਧਰ : ਜ਼ਹਿਰੀਲੀ ਸ਼ਰਾਬ ਕਾਰਨ ਸੂਬੇ ਵਿਚ ਹੋਈਆਂ 100 ਤੋਂ ਵੱਧ ਮੌਤਾਂ ‘ਤੇ ਸਿਆਸਤ ਗਰਮਾਈ ਹੋਈ ਹੈ, ਜਿਸ ਦੇ ਚੱਲਦਿਆਂ ਅਕਾਲੀ ਦਲ ਨੇ ਇਸ ਦੇ ਲਈ ਕਾਂਗਰਸ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂ ਦੋਸ਼ੀ ਠਹਿਰਾਉਂਦੇ ਹੋਏ ਬੁੱਧਵਾਰ ਨੂੰ ਉਨ੍ਹਾਂ ਦੇ ਜਲੰਧਰ ਸਥਿਤ ਘਰ ਦਾ ਘੇਰਾਅ ਕੀਤਾ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਬੰਟੀ ਰੋਮਾਨਾ ਅਤੇ ਸੈਕਟਰੀ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿਚ ਵਰਕਰਾਂ ਨੇ ਲੰਮਾ ਪਿੰਡ ਜੰਡੂ ਸਿੰਘਾ ਰੋਡ ‘ਤੇ ਤਰਨਤਾਰਨ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਘਰ ਦਾ ਘੇਰਾਅ ਕੀਤਾ।
ਵਿਰੋਧੀ ਧਿਰ ਨੇ ਦੋਸ਼ ਲਗਾਇਆ ਕਿ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਸਰਪ੍ਰਸਤੀ ਹਾਸਲ ਸੀ। ਉਹ ਉਨ੍ਹਾਂ ਸਾਰਿਆਂ ‘ਤੇ ਪੁਲਿਸ ਕਾਰਵਾਈ ਨਹੀਂ ਹੋਣ ਦੇ ਰਹੇ ਸਨ। ਯੂਥ ਅਕਾਲੀ ਦਲ ਦੇ ਧਰਨੇ ਨੂੰ ਦੇਖਦੇ ਹੋਏ ਪੁਲਿਸ ਨੇ ਲੰਮਾ ਪਿੰਡ-ਜੰਡੂ ਸਿੰਗਾ ਰੋਡ ‘ਤੇ ਸੁਰੱਖਿਆ ਸਖਤ ਕਰ ਦਿੱਤੀ ਅਤੇ ਬੈਰੀਕੇਡ ਲਗਾ ਕੇ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਯੂਥ ਅਕਾਲੀ ਦਲ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ ਅਤੇ ਬੰਟੀ ਰੋਮਾਨਾ ਦੀ ਪੁਲਿਸ ਅਫਸਰਾਂ ਨਾਲ ਤਿੱਖੀ ਬਹਿਸ ਹੋਈ।
ਪ੍ਰਧਾਨ ਬੰਟੀ ਰੋਮਾਨਾ ਨੇ ਕਿਹਾ ਕਿ ਕਾਂਗਰਸੀ ਸੂਬੇ ਵਿਚ ਜ਼ਹਿਰੀਲੀ ਸ਼ਰਾਬ ਨਾਲ 125 ਤੋਂ ਵੱਧ ਮੌਤਾਂ ਹੋ ਗਈਆਂਹਨ। ਅਜੇ ਤੱਕ ਕਿਸੇ ਵੀ ਜ਼ਿੰਮੇਵਾਰ ਨੂੰ ਫੜਿਆ ਨਹੀਂ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੇ ਸ਼ਰਮਨਾਕ ਕਾਂਡ ਵਿਚ ਕਾਂਗਰਸ ਦੇ ਸੀਨੀਅਰ ਨੇਤਾ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਡਟੀ ਹੋਈ ਹੈ। ਬੰਟੀ ਰੋਮਾਣਾ ਨੇ ਮੰਗ ਕੀਤੀ ਹੈ ਕਿ ਜਿਹੜੇ ਲੋਕ ਜ਼ਹਿਰੀਲੀ ਸ਼ਰਾਬ ਨਾਲ ਮੌਤ ਦਾ ਸ਼ਿਕਾਰ ਬਣੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਇਹ ਹਾਦਸਾ ਨਹੀਂ ਸਗੋਂ ਕਤਲ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।