Akali Dal Condemns Attack : ਜਲਾਲਾਬਾਦ : ਜਲਾਲਾਬਾਦ ਵਿੱਚ ਅੱਜ ਸੁਖਬੀਰ ਸਿੰਘ ਬਾਦਲ ਦੀ ਗੱਡੀ ‘ਤੇ ਕੁਝ ਲੋਕਾਂ ਵੱਲੋਂ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਉਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ।
ਡਾ. ਦਲਜੀਤ ਸਿੰਘ ਚੀਮਾ ਨੇ ਇਸ ਨੂੰ ਸੋਚ-ਸਮਝ ਕੇ ਕੀਤਾ ਗਿਆ ਹਮਲਾ ਦੱਸਿਆ, ਜਿਸ ਵਿੱਚ ਜਲਾਲਾਬਾਦ ਪੁਲਿਸ ਵੀ ਇਸ ਅਪਰਾਧ ਵਿਚ ਹਿੱਸੇਦਾਰ ਸੀ ਕਿਉਂਕਿ ਪੁਲਿਸ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਡਾ. ਚੀਮਾ ਮੁੱਖ ਮੰਤਰੀ ’ਤੇ ਸੁਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ ਇਸ ਲਈ ਉਨ੍ਹਾਂ ਨੁੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਜਲਾਲਾਬਾਦ ਕੌਂਸਲ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਕਾਂਗਰਸੀਆਂ ਵੱਲੋਂ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਵੀ ਭੰਨੀ ਗਈ। ਇਸ ਦੌਰਾਨ ਫਾਇਰਿੰਗ ਫਾਇਰਿੰਗ ਤੇ ਪੱਥਰਬਾਜ਼ੀ ਕੀਤੀ ਗਈ। ਪਾਰਟੀ ਦਾ ਦੋਸ਼ ਹੈ ਕਿ ਇਸ ਵਿੱਚ ਕਈ ਅਕਾਲੀ ਆਗੂ ਜ਼ਖਮੀ ਹੋਏ ਹਨ। ਉਸ ਸਮੇਂ ਸੁਖਬੀਰ ਕੋਰਟ ਕੰਪਲੈਕਸ ਵਿੱਚ ਮੌਜੂਦ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਹਮਲਾ ਕਾਂਗਰਸੀਆਂ ਨੇ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਰਕਰ ਗੋਲੀ ਲੱਗਣ ਨਾਲ ਜ਼ਖਮੀ ਹੋਏ ਹਨ।