Akali Dal Fired Mohali Former Mayor : ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਅੱਜ ਵੱਡਾ ਝਟਕਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਲਿਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ’ਤੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਲਗਾਏ ਗਏ ਸਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਮੁੱਖ ਦਫਤਰ ਤੋਂ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਆਬਜ਼ਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ’ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਖਿਲਾਫ ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੋਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ, ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸਨ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।