ਪੰਜਾਬ ਦੇ ਕਾਲਜਾਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਪੜ੍ਹ ਰਹੇ ਲਗਭਗ ਦੋ ਲੱਖ ਅਨੁਸੂਚਿਤ ਜਾਤੀਆਂ ਦਾ ਭਵਿੱਖ ਖਤਰੇ ਵਿੱਚ ਪਾਉਣ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਤੁਰੰਨ ਇਹ ਰਕਮ ਜਾਰੀ ਕਰਨ ਦੀ ਮੰਗ ਕੀਤੀ।
ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ ਸੀ) ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 1549 ਕਰੋੜ ਰੁਪਏ ਖੁਰਦ ਬੁਰਦ ਕੀਤੇ ਹਨ। ਸਰਕਾਰ ਨੇ ਪਿਛਲੇ ਪਿਛਲੇ ਵਿੱਤੀ ਸਾਲਾਂ ਤੋਂ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਐਸ ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਜਾਰੀ ਨਹੀਂ ਕੀਤਾ, ਜਿਸ ਕਰਕੇ ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ ਨੇ ਐਸਸੀ ਵਿਦਿਆਰਥੀਆਂ ਰੋਲ ਨੰਬਰ ਰੋਕਣ ਦਾ ਫੈਸਲਾ ਲਿਆ ਹੈ, ਜਿਸ ਕਰਕੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਭਲਾਈ ਵਿਭਾਗ ਦੇ ਸਾਬਕਾ ਪ੍ਰਮੁੱਖ ਸਕੱਤਰ ਨੇ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੰਤਰੀ ‘ਤੇ 64 ਕਰੋੜ ਰੁਪਏ ਦਾ ਘੁਟਾਲਾ ਕਰਨ ਦੇ ਦੋਸ਼ ਲਗਾਏ ਹਨ ਪਰ ਮੁੱਖ ਮੰਤਰੀ ਨੇ ਇਸ ਭ੍ਰਿਸ਼ਟ ਮੰਤਰੀ ਦਾ ਬਚਾਅ ਕਰਕੇ ਅਜਿਹੇ ਹਾਲਾਤ ਬਣਾਏ ਹਨ।
ਅਕਾਲੀ ਦਲ ਨੇ ਪੰਜਾਬ ਸਰਕਾਰ ਤੋਂ ਪ੍ਰਾਈਵੇਟ ਵਿਦਿਅਕ ਅਦਾਰਿਆਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਅਜਿਹਾ ਨਾ ਕਰਨ ‘ਤੇ ਐਸਸੀ ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਨਾ ਕਰਨ ‘ਤੇ ਉਹ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ।
ਦੱਸ ਦੇਈਏ ਕਿ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਸ (ਜੈਕ) ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ ਅਤੇ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਜੈਕ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਰੋਲ ਨੰਬਰ ਨੂੰ ਰੋਕਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ 2017-18, 2018-19, ਅਤੇ 2019- 20 ਵਿੱਚ ਪੜ੍ਹਾਈ ਕੀਤੀ ਹੈ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਰਕਮ ਅਦਾ ਨਹੀਂ ਕੀਤੀ। ਅਜਿਹੇ ਲਗਭਗ 2 ਲੱਖ ਵਿਦਿਆਰਥੀਆਂ ਨੂੰ ਤਿੰਨ-ਚਾਰ ਸਾਲਾਂ ਤੋਂ ਉਹ ਬਿਨਾਂ ਫੀਸ ਦੇ ਪੜ੍ਹਾ ਰਹੇ ਹਨ ਤੇ ਹੁਣ ਅਜਿਹਾ ਅੱਗੇ ਜਾਰੀ ਨਹੀਂ ਰੱਖ ਸਕਦੇ।