Akali MLAs respond sharply : ਹਰਿਆਣਾ ਵਿੱਚ ਵਿਧਾਨ ਸਭਾ ਕੰਪਲੈਕਸ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਦੇ ਅਕਾਲੀ ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕਰਵਾਉਣ ਦੀ ਗੱਲ ਕਹੀ ਹੈ, ਜਿਸ ਦਾ ਕਰਾਰ ਜਵਾਬ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਕਿਹਾ ਕਿ ਭਾਵੇਂ ਉਨ੍ਹਾਂ ਖਿਲਾਫ 10 ਕੇਸ ਕਿਉਂ ਨਾ ਦਰਜ ਕਰ ਲਏ ਜਾਣ ਉਹ ਹਰਿਆਣਾ ਵਿਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ ਕੀਤੇ ਜਾ ਰਹੇ ਜਬਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀਆਂ ਧਮਕੀਆਂ ਤੋਂ ਤੋਂ ਡਰਨ ਵਾਲੇ ਨਹੀਂ ਹਾਂ। ਉਹਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਵਾਸਤੇ ਅਸੀਂ ਜੇਲ੍ਹ ਜਾਣ ਵਾਸਤੇ ਵੀ ਤਿਆਰ ਹਾਂ। ਅਸੀਂ ਅੰਨਦਾਤ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖਿਲਾਫ ਆਪਣਾ ਸੰਘਰਸ਼ ਜਾਰੀ ਰੱਖਾਂਗੇ। ਅਕਾਲੀ ਦਲ ਦੇ ਵਿਧਾਇਕਾਂ ਸਪੱਸ਼ਟ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਤੇ ਸਿੱਖ ਨੌਜਵਾਨਾਂ ‘ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕਰ ਕੇ ਅਕਾਲੀ ਵਿਧਾਇਕਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਕੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਹੈ।
ਦੱਸਣਯੋਗ ਹੈ ਕਿ 10 ਮਾਰਚ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਿਧਾਨ ਸਭਾ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਜਿਸ ਦੌਰਾਨ ਪੰਜਾਬ ਦੇ ਅਕਾਲੀ ਦਲ ਦੇ ਵਿਧਾਇਕਾਂ ਨੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਤੁਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਗੱਲਬਾਤ ਕਰਦਿਆਂ ਇਸ ‘ਤੇ ਸਖਤ ਇਤਰਾਜ਼ ਜਤਾਇਆ। ਗੁਪਤਾ ਨੇ ਪੰਜਾਬ ਵਿਚ ਆਪਣੇ ਹਮਰੁਤਬਾ ਨੂੰ ਇਕ ਪੱਤਰ ਵੀ ਲਿਖਿਆ ਸੀ ਅਤੇ ਇਸ ਮਾਮਲੇ ਵਿਚ ਸਖਤ ਨੋਟਿਸ ਲੈਣ ਦੀ ਅਪੀਲ ਕੀਤੀ ਸੀ।