ਅੰਮ੍ਰਿਤਸਰ : ਜੂਨ 1984 ਵਿਚ ਘੱਲੂਘਾਰੇ ਦਿਵਸ ਦੀ ਸਾਲਾਨਾ ਯਾਦ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਸ਼ੁਰੂ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀਆਂ ਲੱਗਣ ਨਾਲ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਵੀਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖਸ਼ ਸਿੰਘ ਵਿਖੇ ਸੰਗਤ ਦਰਸ਼ਨਾਂ ਲਈ ਸਜਾਇਆ ਗਿਆ। ਸ਼ਰਧਾਲੂ ਇਸ ਪਵਿੱਤਰ ਸਰੂਪ ਦੇ ਦਰਸ਼ਨ 5 ਜੂਨ ਤੱਕ ਕਰ ਸਕਣਗੇ।
ਇਹ ਵੀ ਪੜ੍ਹੋ : PM ਮੋਦੀ ਨੇ Milkha Singh ਨਾਲ ਕੀਤੀ ਗੱਲਬਾਤ, ਕੋਵਿਡ ਤੋਂ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 7000 ਪੁਲਿਸ ਅਤੇ ਵਿਸ਼ੇਸ਼ ਬਲਾਂ ਦੇ ਜਵਾਨ ਅੰਮ੍ਰਿਤਸਰ ਸ਼ਹਿਰ ਵਿੱਚ ਤਾਇਨਾਤ ਕੀਤੇ ਗਏ ਹਨ। ਵੀਰਵਾਰ ਸ਼ਾਮ ਨੂੰ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਦੀ ਅਗਵਾਈ ਹੇਠ ਹਾਲਗੇਟ ਤੋਂ ਗੁਰੂ ਬਾਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ। ਸ਼ਹਿਰ ਵਿਚ ਬਾਹਰੀ-ਅੰਦਰੂਨੀ ਛੱਤ ਅਤੇ ਹਰਿਮੰਦਰ ਸਾਹਿਬ ਦੇ ਦੁਆਲੇ ਦੀਆਂ ਸਾਰੀਆਂ ਸੜਕਾਂ ਨੂੰ ਰੋਕ ਦਿੱਤਾ ਗਿਆ ਹੈ। ਇਨ੍ਹਾਂ ‘ਤੇ 4500 ਪੁਲਿਸ ਕਰਮਚਾਰੀ ਅਤੇ ਸਪੈਸ਼ਲ ਕਮਾਂਡੋ, ਬਾਰਡਰ ਰੇਂਜ, ਪੀਏਪੀ, ਸਵੈਟ ਟੀਮ ਅਤੇ ਟੀਅਰ ਗੈਸ ਟੀਮਾਂ ਦੇ 2500 ਜਵਾਨ ਤਾਇਨਾਤ ਕੀਤੇ ਗਏ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਜੁਲਾਈ ਮਹੀਨੇ ਤੋਂ ਧੀਆਂ ਨੂੰ ਸ਼ਗਨ ਸਕੀਮ ਤਹਿਤ ਮਿਲਣਗੇ 51,000 ਰੁਪਏ