All railway tracks clear : ਚੰਡੀਗੜ੍ਹ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਨੂੰ ਖਾਲੀ ਕਰ ਦਿੱਤਾ ਹੈ, ਤਾਂਜੋ ਸੂਬੇ ਭਰ ਵਿਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਇਜਾਜ਼ਤ ਦਿੱਤੀ ਜਾ ਸਕੇ। ਇਸ ਸਬੰਧ ਵਿਚ ਸਾਰੀਆਂ 21 ਥਾਵਾਂ, ਜਿਥੇ ਕਿਸਾਨ ਵਿਰੋਧ ਕਰ ਰਹੇ ਹਨ, ਨੂੰ ਮਾਲ ਗੱਡੀਆਂ ਦੀ ਆਵਾਜਾਈ ਲਈ ਕਲੀਅਰ ਕਰ ਦਿੱਤਾ ਗਿਆ ਹੈ। ਗ੍ਰਹਿ ਵਿਭਾਗ ਦੇ ਅਧਿਕਾਰਤ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਰਾਜ ਦੀਆਂ ਰੇਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਰਾਜ ਵਿੱਚ ਰੇਲ ਟਰੈਕ ਨੈਟਵਰਕ ਇਸ ਸਮੇਂ ਬਿਲਕੁਲ ਖਾਲੀ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਵਿਖੇ ਸਿਰਫ ਇੱਕ ਰੇਲਵੇ ਪਲੇਟਫਾਰਮ ਵਿੱਚ ਕੁਝ ਕਿਸਾਨ ਕਾਰਕੁੰਨਾਂ ਦੀ ਹਾਜ਼ਰੀ ਹੈ ਜਿਸ ਨਾਲ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਅੰਮ੍ਰਿਤਸਰ ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੂੰ ਰੇਲਵੇ ਪਲੇਟਫਾਰਮ ਖਾਲੀ ਕਰਨ ਲਈ ਪ੍ਰੇਰਿਤ ਕਰ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਕੁਝ ਦਿਨਾਂ ਲਈ ਪੰਜਾਬ ਭਰ ਵਿੱਚ ਮਾਲ ਰੇਲ ਆਵਾਜਾਈ ਨੂੰ ਸਥਿਰ ਕਰਨ ਤੋਂ ਬਾਅਦ ਯਾਤਰੀ ਰੇਲ ਗੱਡੀਆਂ ਨੂੰ ਚਲਾਉਣਾ ਵੀ ਸੰਭਵ ਹੋ ਸਕੇਗਾ ਕਿਉਂਕਿ ਮੰਤਰੀਆਂ ਦੀ ਕਮੇਟੀ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਵੱਡੇ ਲੋਕ ਹਿੱਤ ਵਿੱਚ ਯਾਤਰੀ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਦੇਣ ਲਈ ਗੱਲਬਾਤ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਕੇਂਦਰੀ ਰੇਲਵੇ ਬੋਰਡ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ 21 ਸਥਾਨਾਂ ਤੇ ਮੌਜੂਦ ਸਨ ਜਿਨ੍ਹਾਂ ਨੂੰ ਮਾਲ ਗੱਡੀਆਂ ਦੀ ਆਵਾਜਾਈ ਲਈ ਸਾਫ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਨੇ ਵੀ ਅੱਜ ਪੰਜਾਬ ਸਰਕਾਰ ਨੂੰ ਛੇਤੀ ਤੋਂ ਛੇਤੀ ਰੇਲਵੇ ਟਰੈਕ ਖਾਲੀ ਕਰਵਾਉਣ ਲਈ ਕਿਹਾ ਸੀ ਤਾਂਜੋ ਰੇਲ ਸੇਵਾ ਸ਼ੁਰੂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰੇਲਵੇ ਮੁਲਾਜ਼ਮਾਂ ਦੀ ਸੁਰੱਖਿਆ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ। ਉਥੇ ਹੀ ਜਿਨ੍ਹਾਂ ਥਾਵਾਂ ‘ਤੇ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰਵਾ ਕਰ ਦਿੱਤਾ ਹੈ ਉਨ੍ਹਾਂ ‘ਤੇ ਰੇਲਵੇ ਵੱਲੋਂ ਸੁਰੱਖਿਆ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਦੋ ਦਿਨ ਪਹਿਲਾਂ 20 ਨਵੰਬਰ ਤੱਕ ਰੇਲਵੇ ਟਰੈਕ ਖਾਲੀ ਕਰਨ ਦਾ ਐਲਾਨ ਕੀਤਾ ਸੀ।