All school hours in Punjab : ਚੰਡੀਗੜ : ਪੰਜਾਬ ਵਿੱਚ 22 ਫਰਵਰੀ ਤੋਂ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਜਾਵੇਗਾ। ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ, ਜਦਕਿ ਮਿਡਲ/ ਹਾਈ/ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3.20 ਵਜੇ ਤੱਕ ਹੋਵੇਗਾ। ਇਹ ਐਲਾਨ ਅੱਜ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ। ਇਹ ਫੈਸਲਾ ਸਾਲਾਨਾ ਪ੍ਰੀਖਿਆਵਾਂ ਨੂੰ ਧਿਆ ਵਿੱਚ ਰੱਖ ਕੇ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਸਿਲੇਬਸ ਦੀ ਦੁਹਰਾਈ ਲਈ ਸਕੂਲਾਂ ਵਿੱਚ ਵੱਧ ਸਮਾਂ ਦਿੱਤਾ ਜਾ ਸਕੇ।
ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਹੋਣ ਕਰਕੇ ਮਾਪਿਆਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਵਿਭਾਗ ਨੇ ਇਹ ਫੈਸਲਾ ਲਿਆ ਹੈ। ਸਕੂਲਾਂ ਦੇ ਸਮੇਂ ਵਿਚ ਤਬਦੀਲੀ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੰਤਮ ਦੁਹਰਾਈ ਲਈ ਵੱਧ ਸਮਾਂ ਮਿਲੇਗਾ ਜਿਸ ਨਾਲ ਉਨ੍ਹਾਂ ਦੀ ਪ੍ਰੀਖਿਆਵਾਂ ਵਿਚ ਕਾਰਗੁਜ਼ਾਰੀ ਬਿਹਤਰ ਹੋਵੇਗੀ। ਦੱਸ ਦੇਈਏ ਕਿ ਕੋਰੋਨਾ ਦੇ ਚੱਲਦਿਆਂ ਸਕੂਲ ਬੰਦ ਰਹਿਣ ਕਾਰਨ ਵਿਦਿਆਰਥੀਆਂ ਨੂੰ ਹਾਲਾਂਕਿ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ ਪਰ ਫਿਰ ਵੀ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਸਰਕਾਰ ਵੱਲੋਂ ਹਾਲਾਂਕਿ ਸਕੂਲ ਖੋਲ੍ਹ ਦਿੱਤੇ ਗਏ ਹਨ, ਜਿਥੇ ਕੋਰੋਨਾ ਪ੍ਰੋਟੋਕਾਲਾਂ ਦੀ ਪਾਲਣਾ ਕੀਤੀ ਜਾਂਦੀ ਹੈ ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਅਜੇ ਵੀ ਸਕੂਲ ਵਿੱਚ ਪੂਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਨਹੀਂ ਹੋ ਰਹੇ ਹਨ। ਸਾਲਨਾ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਆਪਣਾ ਸਿਲੇਬਸ ਕਵਰ ਕਰਨ ਵਿੱਚ ਵੀ ਕਾਫੀ ਮੁਸ਼ਕਲਾਂ ਆਈਆਂ ਹਨ, ਹੁਣ ਸਕੂਲ ਵਿੱਚ ਵਾਧੂ ਸਮਾਂ ਦੇਣ ਨਾਲ ਉਨ੍ਹਾਂ ਨੂੰ ਕਾਫੀ ਸਹਾਇਤਾ ਮਿਲੇਗੀ ਅਤੇ ਉਹ ਪੂਰੀ ਪੜ੍ਹਾਈ ਕਰ ਸਕਣਗੇ।