ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਅਤੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਐਤਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਪਹਿਲਾਂ, ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਗ੍ਰਹਿ ਮੰਤਰਾਲੇ (MHA) ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਵਿੱਚ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਇਸ ਮੁੱਦੇ ‘ਤੇ 16 ਜੂਨ ਨੂੰ ਇਕ ਹੋਰ ਵਿਸਥਾਰਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ।
ਸ਼ਾਹ ਨੇ ਇਹ ਬੈਠਕ ਜੰਮੂ-ਕਸ਼ਮੀਰ ‘ਚ ਹਾਲ ਹੀ ‘ਚ ਹੋਏ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਕੀਤੀ, ਜਿਸ ਨੇ ਖੇਤਰ ‘ਚ ਸੁਰੱਖਿਆ ਸਥਿਤੀ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਮੀਟਿੰਗ ਵਿੱਚ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਅਤੇ ਆਉਣ ਵਾਲੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਹੋਰ ਜਾਇਜ਼ਾ ਲੈਣ ਲਈ 16 ਜੂਨ ਨੂੰ ਨਾਰਥ ਬਲਾਕ ਵਿੱਚ ਇੱਕ ਫਾਲੋ-ਅੱਪ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸੁਰੱਖਿਆ ਸਥਿਤੀ ਅਤੇ ਜੰਮੂ-ਕਸ਼ਮੀਰ ਵਿੱਚ ਅਜਿਹੇ ਅੱਤਵਾਦੀ ਹਮਲਿਆਂ ਨਾਲ ਨਜਿੱਠਣ ਲਈ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ 16 ਜੂਨ ਨੂੰ ਹੋਣ ਵਾਲੀ ਬੈਠਕ ‘ਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ, ਰਾਸ਼ਟਰੀ ਸੁਰੱਖਿਆ ਸਲਾਹਕਾਰ, ਕੇਂਦਰੀ ਗ੍ਰਹਿ ਸਕੱਤਰ ਅਤੇ ਫੌਜ, ਪੁਲਸ, ਜੰਮੂ-ਕਸ਼ਮੀਰ ਪ੍ਰਸ਼ਾਸਨ ਅਤੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਇਸ ਸਖ਼ਤ ਚੌਕਸੀ ਦਾ ਮੰਤਵ ਜੰਮੂ-ਕਸ਼ਮੀਰ ਦੇ ਵਸਨੀਕਾਂ ਦੇ ਨਾਲ-ਨਾਲ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੈ।
9 ਜੂਨ ਤੋਂ ਲੈ ਕੇ ਹੁਣ ਤੱਕ ਰਿਆਸੀ, ਕਠੂਆ ਅਤੇ ਡੋਡਾ ਵਿਚ ਚਾਰ ਥਾਵਾਂ ‘ਤੇ ਅੱਤਵਾਦੀ ਹਮਲੇ ਹੋਏ ਹਨ, ਜਿਸ ਵਿਚ 9 ਸ਼ਰਧਾਲੂ ਮਾਰੇ ਗਏ ਸਨ, ਇਕ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਸਿਪਾਹੀ ਸ਼ਹੀਦ ਹੋਇਆ ਸੀ, ਇਕ ਨਾਗਰਿਕ ਜ਼ਖਮੀ ਹੋ ਗਿਆ ਸੀ ਅਤੇ ਘੱਟੋ-ਘੱਟ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਤੋਂ ਬਾਅਦ ਸੁਰੱਖਿਆ ਸਥਿਤੀ ‘ਤੇ ਚਰਚਾ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਐਨਐਸਏ ਅਜੀਤ ਡੋਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਚੱਲ ਰਹੇ ਅੱਤਵਾਦ ਵਿਰੋਧੀ ਯਤਨਾਂ ਦੀ ਵਿਆਪਕ ਸਮੀਖਿਆ ਕੀਤੀ। ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਦਾ ਮੁਕਾਬਲਾ ਕਰਨ ਅਤੇ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੀਆਂ ਜਾ ਰਹੀਆਂ ਰਣਨੀਤੀਆਂ ਅਤੇ ਅਪਰੇਸ਼ਨਾਂ ਬਾਰੇ ਜਾਣੂ ਕਰਵਾਇਆ ਗਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .