Anganwadi Centers to be opened : ਚੰਡੀਗੜ : ਪੰਜਾਬ ਸਰਕਾਰ ਵੱਲੋਂ ਕੋਵਿ ਮਹਾਮਾਰੀ ਦੌਰਾਨ ਬੰਦ ਪਏ ਆਂਗਣਵਾੜੀ ਕੇਂਦਰਾਂ ਨੂੰ ਵੀ 1 ਫਰਵਰੀ ਤੋਂ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਹ ਕੇਂਦਰ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਤੈਅ ਸੁਰੱਖਿਆ ਮਾਪਦੰਡਾਂ ਅਤੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਦਾ ਖਾਸ ਧਿਆਨ ਰੱਖਣਾ ਹੋਵੇਗਾ। ਆਂਗਣਵਾੜੀ ਕੇਂਦਰਾਂ ਵਿੱਚ ਸਾਰੇ ਲਾਭਪਾਤਰੀਆਂ ਨੂੰ ਪਹਿਲਾਂ ਵਾਂਗ ਹੀ ਭੋਜਨ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਬੱਚਾ ਗੈਰਹਾਜ਼ਰ ਰਹਿੰਦਾ ਹੈ ਤਾਂ ਸੁੱਕਾ ਰਾਸ਼ਨ ਬੱਚੇ ਦੇ ਘਰ ਤੱਕ ਪਹੁੰਚਾਇਆ ਜਾਵੇਗਾ।
ਇਸ ਦੀ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਲਈ 1 ਫਰਵਰੀ, 2021 ਤੋਂ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲਣ ਦਾ ਫ਼ੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਕੂਲਾਂ ਲਈ ਐਸ.ਓ.ਪੀ. ਤਿਆਰ ਕੀਤਾ ਗਿਆ ਹੈ ਜਿਸਦੀ ਆਂਗਣਵਾੜੀ ਕੇਂਦਰਾਂ ਵਿੱਚ ਵੀ ਪਾਲਣਾ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਜ਼ਿਲਾ ਪ੍ਰਸ਼ਾਸਨਾਂ, ਜ਼ਿਲਾ ਪ੍ਰੋਗਰਾਮ ਅਫ਼ਸਰਾਂ (ਡੀ.ਪੀ.ਓਜ਼) ਅਤੇ ਬਾਲ ਵਿਕਾਸ ਤੇ ਸੁਰੱਖਿਆ ਅਧਿਕਾਰੀਆਂ (ਸੀ.ਡੀ.ਪੀ.ਓਜ਼) ਨੂੰ ਵਰਕਰਾਂ ਅਤੇ ਹੈਲਪਰਾਂ ਨੂੰ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇ ਕੋਈ ਮਸਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਨੂੰ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ 1 ਫਰਵਰੀ ਤੋਂ ਪ੍ਰੀ ਪ੍ਰਾਇਮਰੀ ਸਕੂਲ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਹੁਣ ਆਂਗਣਵਾੜੀ ਕੇਂਦਰ ਬੱਚਿਆਂ ਲਈ ਵੀ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। ਉਂਝ ਵਰਕਰਾਂ ਅਤੇ ਹੈਲਪਰਾਂ ਲਈ ਆਂਗਣਵਾੜੀ ਕੇਂਦਰ 8 ਦਸੰਬਰ ਤੋਂ ਖੋਲ ਦਿੱਤੇ ਗਏ ਸਨ ਪਰ ਬੱਚਿਆਂ ਦੀ ਹਾਜ਼ਰੀ ਸਬੰਧੀ ਫੈਸਲਾ ਨਹੀਂ ਲਿਆ ਗਿਆ ਸੀ।