ਵਿਧਾਨ ਸਭਾ ਚੋਣਾਂ ਨੂੰ ਕੁਝ ਮਹੀਨਿਆਂ ਦਾ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਹਾਈਕਮਾਨ ਨੇ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸਾਬਕਾ ਮੰਤਰੀ ਬਲਬੀਰ ਸਿੱਧੂ ਤੇ ਗੁਰਪ੍ਰੀਤ ਕਾਂਗੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਚੋਣ ਤੋਂ ਐਨ ਪਹਿਲਾਂ ਪਾਰਟੀ ਵਿੱਚ ਰੁਸੇ ਹੋਏ ਚਿਹਰੇ ਦੂਜੀ ਪਾਰਟੀ ਦਾ ਰੁਖ਼ ਨਾ ਕਰਨ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ।
ਹਾਲ ਹੀ ਵਿੱਚ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਨਿਯੁਕਤ ਬਲਬੀਰ ਰਾਣੀ ਸੋਢੀ ਨੂੰ ਵੀ ਇਸ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੀ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ।