Another case of Corona came : ਜਲੰਧਰ ’ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਇਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਦਾ ਸ਼ਹਿਰ ਵਿਚ ਇਕ ਹੋਰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿਚ ਕੁਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 216 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਸ਼ਹਿਰ ਦੇ ਕਰੋਲ ਬਾਗ ਇਲਾਕੇ ਤੋਂ ਹੈ, ਜਿਥੇ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਵਿਅਕਤੀ ਦਾ ਇਲਾਜ ਲੁਧਿਆਣਾ ਦੇ ਹਸਪਤਾਲ ਵਿਚ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਜਲੰਧਰ ਵਿਚ ਅੱਜ ਲਗਾਤਾਰ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਇਕ 26 ਸਾਲ ਦੇ ਨੌਜਵਾਨ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਇਹ ਨੌਜਵਾਨ ਦੁਬਈ ਤੋਂ ਵਾਪਸ ਪਰਤਿਆ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਸੂਬੇ ਵਿਚ ਕੋਰੋਨਾ ਨਾਲ 7ਵੀਂ ਮੌਤ ਹੋ ਗਈ ਹੈ। ਮ੍ਰਿਤਕ ਔਰਤ ਕਿਡਨੀ ਦੀ ਗੰਭੀਰ ਬੀਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਕਾਫੀ ਦੇਰ ਤੋਂ ਇਲਾਜ ਚੱਲ ਰਿਹਾ ਸੀ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ 156 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਇਸ ਸਮੇਂ ਕੋਰੋਨਾ ਵਾਇਰਸ ਦੇ 53 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਬੇਸ਼ੱਕ ਇਸ ਸਮੇਂ ਕਰਫਿਊ ਨੂੰ ਸੂਬੇ ਤੋਂ ਹਟਾ ਦਿੱਤਾ ਗਿਆ ਹੈ ਪਰ ਸਰਕਾਰ ਵਲੋਂ ਵਾਰ-ਵਾਰ ਲੋਕਾਂ ਨੂੰ ਐਡਵਾਈਜਰੀ ਦਿੱਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਖਤ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਭਾਵੇਂ ਸੂਬਾ ਸਰਕਾਰ ਵਲੋਂ ਕਰਫਿਊ ਨੂੰ ਹਟਾ ਦਿੱਤਾ ਗਿਆ ਹੈ ਪਰ ਫਿਰ ਵੀ ਕੋਈ ਵੀ ਵਿਅਕਤੀ ਬਿਨਾਂ ਮਾਸਕ ਦੇ ਬਾਹਰ ਨਾ ਨਿਕਲੇ, ਸੈਨੇਟਾਈਜਰ ਦਾ ਇਸਤੇਮਾਲ ਰੈਗੂਲਰ ਕਰੇ ਤੇ ਬਹੁਤ ਹੀ ਵਧ ਲੋੜ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲੇ। ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰੇ।