Another Punjab farmer dies : ਕੁੰਡਲੀ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 50 ਸਾਲਾ ਜਸਮੇਰ ਸਿੰਘ ਵਜੋਂ ਹੋਈ ਹੈ ਜੋਕਿ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਚੰਨਣਵਾਲ ਦਾ ਰਹਿਣ ਵਾਲਾ ਸੀ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਆਈ ਸੀ। ਇਹ ਕਿਸਾਨ ਪਿੰਡ ਡੱਲ ਦੱਲ ਡੱਲ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ 68 ਸਾਲਾ ਜੋਗਿੰਦਰ ਸਿੰਘ ਵਜੋਂ ਹੋਈ ਸੀ। ਜੋਗਿੰਦਰ ਸਿੰਘ ਦਾ ਮ੍ਰਿਤਕ ਸਵੇਰ ਅੱਜ ਸਵੇਰੇ ਧਰਨੇ ਵਾਲੀ ਥਾਂ ’ਤੇ ਬਣੇ ਟੈਂਟ ਵਿੱਚ ਮਿਲਿਆ ਸੀ। ਨਾਲ ਆਏ ਕਿਸਾਨਾਂ ਨੇ ਮਾਮਲੇ ਦੀ ਸੂਚਨਾ ਕੁੰਡਲੀ ਥਾਣਾ ਪੁਲਿਸ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਪੋਸਟ ਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ 70 ਦਿਨਾਂ ਤੋਂ ਦਿੱਲੀ ਬਾਰਡਰਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਦੰਗਿਆਂ ਅਤੇ ਹਿੰਸਾ ਦੌਰਾਨ ਫੜੇ ਗਏ ਅਤੇ ਲਾਪਤਾ ਹੋਏ ਲੋਕਾਂ ਦੇ ਪਰਿਵਾਰਾਂ ਲਈ ਇੱਕ ਸਹਾਇਤਾ ਡੈਸਕ ਸਥਾਪਤ ਕੀਤਾ ਹੈ। ਨਾਲ ਹੀ ਕੁਝ ਮੋਬਾਈਲ ਨੰਬਰ ਵੀ ਜਨਤਕ ਕਰ ਦਿੱਤੇ ਗਏ ਹਨ, ਜਿਨ੍ਹਾਂ ‘ਤੇ ਕੋਈ ਵੀ ਲਾਪਤਾ ਹੋਏ ਕਿਸਾਨਾਂ ਬਾਰੇ ਜਾਣਕਾਰੀ ਦਾ ਆਦਾਨ-ਪ੍ਰਦਾਨ ਕਰ ਸਕਦਾ ਹੈ। ਇਸ ਤੋਂ ਇਲਾਵਾ ਇਕ ਕਮੇਟੀ ਵੀ ਬਣਾਈ ਗਈ ਹੈ ਜੋ ਕਿ ਦਿੱਲੀ ਪੁਲਿਸ ਅਤੇ ਵਕੀਲਾਂ ਨਾਲ ਲਗਾਤਾਰ ਸੰਪਰਕ ਵਿਚ ਹੈ।