Another Punjab farmer dies : ਕਿਸਾਨ ਅੰਦੋਲਨ ਦਾ ਅੱਜ 59ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਆਏ ਦਿਨ ਕਿਸੇ ਨਾ ਕਿਸੇ ਕਿਸਾਨ ਦੀਆਂ ਜਾਨਾਂ ਜਾ ਰਹੀਆਂ ਹਨ। ਅੱਜ ਫਿਰ ਟਿਕਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਕਿਸਾਨ 48 ਸਾਲਾ ਕਿਸਾਨ ਭੋਲਾ ਸਿੰਘ ਪੁੱਤਰ ਭਜਨ ਸਿੰਘ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ। ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਸੀ। ਦੱਸਣਯੋਗ ਹੈ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਕੇਂਦਰ ਦਰਮਿਆਨ ਹੋਈ 11 ਗੇੜ ਦੀ ਗੱਲਬਾਤ ਦਾ ਵੀ ਕੋਈ ਸਿੱਟਾ ਨਹੀਂ ਨਿਕਲਿਆ। ਸਰਕਾਰ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ, ਪਰ ਕਿਸਾਨਾਂ ਨੇ ਇਸ ਨੂੰ ਦੁਬਾਰਾ ਰੱਦ ਕਰ ਦਿੱਤਾ ਸੀ। ਇਸ ਕਾਰਨ ਦੋਵਾਂ ਪਾਸਿਆਂ ਤੋਂ ਫਿਰ ਤਣਾਅ ਵੱਧ ਗਿਆ ਸੀ। ਕੇਂਦਰ ਸਰਕਾਰ ਕਾਨੂੰਨ ਰੱਦ ਨਹੀਂ ਕਰਨਾ ਚਾਹੁੰਦੀ ਅਤੇ ਕਿਸਾਨ ਆਪਣੀਆਂ ਮੰਗਾਂ ਮੰਨਵਾਏ ਬਿਨਾਂ ਵਾਪਿਸ ਜਾਣ ਨੂੰ ਤਿਆਰ ਨਹੀਂ ਹਨ।
ਉਥੇ ਹੀ ਪੰਜਾਬ ਸਰਕਾਰ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਜਾਣ ਵਾਲੇ ਕਿਸਾਨਾਂ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕਿਸਾਨ ਆਗੂਆਂ ਦੇ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਕਿਸਾਨ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ ਜਾਵੇਗੀ। ਹਾਲਾਂਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਸਬੰਧੀ ਅਜੇ ਵੀ ਸਥਿੱਤੀ ਸਪਸ਼ਟ ਨਹੀਂ ਹੈ। ਇਸੇ ਨੂੰ ਲੈ ਕੇ ਅੱਜ ਫਿਰ ਇੱਕ ਵਾਰ ਦਿੱਲੀ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਇੱਕ ਮੀਟਿੰਗ ਹੋਵੇਗੀ ਜਿਸ ਵਿੱਚ ਟਰੈਕਟਰ ਪਰੇਡ ਦੇ ਰੂਟ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ। ਹੁਣ ਸਭ ਦੀਆ ਨਜ਼ਰਾਂ ਅੱਜ ਦੀ ਇਸ ਮੀਟਿੰਗ ਤੇ ਹਨ, ਕਿ ਦਿੱਲੀ ਪੁਲਿਸ ਦੇ ਵਲੋਂ ਕੀ ਫੈਸਲਾ ਲਿਆ ਜਾਂਦਾ ਹੈ ਅਤੇ ਉਸ ‘ਤੇ ਕੀ ਕਿਸਾਨ ਉਸ ‘ਤੇ ਰਾਜ਼ੀ ਹੋਣਗੇ ਜਾਂ ਨਹੀਂ।