Applications for recruitment : ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ 2984 ਅਸਾਮੀਆਂ ਲਈ 31 ਅਗਸਤ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿਚ ਮੈਡੀਕਲ ਅਫਸਰ ਜਨਰਲ ਦੀਆਂ 500, ਮੈਡੀਕਲ ਅਫਸਰ ਡੈਂਟਲ ਦੀਆਂ 35, ਰੇਡੀਓ ਗਰਾਫਰ ਦੀਆਂ 139, ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ 200, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) 600, ਈ.ਸੀ.ਜੀ. ਟੈਕਨੀਸ਼ਅੀਨ 14, ਮੈਡੀਕਲ ਲਬਾਰਟਰੀ ਟੈਕਨੀਸ਼ਅੀਨ ਗਰੇਡ-2 98, ਫਾਰਮਾਸਿਸਟ (ਫਾਰਮੇਸੀ ਅਫਸਰ) 482, ਓਪਰੇਸ਼ਨ ਥੀਏਟਰ ਸਹਾਇਕ 116 ਅਤੇ ਵਾਰਡ ਅਟੈਂਡੈਟ ਦੀਆਂ 800 ਅਸਾਮੀਆਂ ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਸਬੰਧੀ ਹੋਰ ਜਾਣਕਾਰੀ www.bfuhs.ac.in ਵੈਬਸਾਈਟ ਤੋਂ ਲਈ ਜਾ ਸਕਦੀ ਹੈ।
ਇਸ ਬਾਰੇ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਆਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿੱਚ ਛੋਟ ਦਿੱਤੀ ਗਈ ਹੈ। ਹਾਲਾਂਕਿ, ਵਿੱਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ। ਇਨ੍ਹਾਂ ਕਰਮਚਾਰੀਆਂ ਨੂੰ ਵੱਧ ਤੋਂ ਵੱਧ 10 ਨੰਬਰ ਤਜੁਰਬੇ ਦੇ ਦੇਣ ਦੀ ਵੀ ਤਜ਼ਵੀਜ਼ ਰੱਖੀ ਗਈ ਹੈ ਜਿਸ ਅਧੀਨ 1 ਸਾਲ ਦੇ ਤਜ਼ੁਰਬੇ ਲਈ 1 ਨੰਬਰ ਦਿੱਤੇ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਅਸਰਦਾਰ ਢੰਗ ਨਾਲ ਨਜਿੱਠਣ ਲਈ ਇਹ ਭਰਤੀਆਂ ਮੀਲ ਪੱਥਰ ਸਾਬਤ ਹੋਣਗੀਆਂ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ।