ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਹਥਿਆਰਬੰਦ ਬਲਾਂ (ਆਰਮਡ ਫੋਰਸਿਜ਼) ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਦਿੱਲੀ ਸਰਕਾਰ ਦੇ ਅਗਲੇ ਸਕੂਲ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਹ ਸਕੂਲ ਝੜੌਦਾ ਕਲਾਂ ਵਿੱਚ 14 ਏਕੜ ‘ਚ ਬਣੇ ਕੈਂਪਸ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਬਣਾਇਆ ਜਾਵੇਗਾ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 23 ਮਾਰਚ 1931 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ‘ਤੇ ਲਟਕਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ 20 ਦਸੰਬਰ, 2021 ਨੂੰ ਅਸੀਂ ਐਲਾਨ ਕੀਤਾ ਸੀ ਕਿ ਦਿੱਲੀ ਵਿੱਚ ਇੱਕ ਸਕੂਲ ਹੋਵੇਗਾ ਜਿਥੇ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਲਈ ਤਿਆਰ ਕੀਤਾ ਜਾਵੇਗਾ। ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਹੋਵੇਗਾ।
ਸੀ.ਐੱਮ. ਕੇਜਰੀਵਾਲ ਨੇ ਕਿਹਾ ਕਿ ਇਹ ਰਿਹਾਇਸ਼ੀ ਸਕੂਲ ਹੋਵੇਗਾ ਅਤੇ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ 9ਵੀਂ ਅਤੇ 11ਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਵੇਗਾ। ਇੱਥੇ ਹਰ ਜਮਾਤ ਦੀਆਂ 100-100 ਯਾਨੀ ਕੁਲ 200 ਸੀਟਾਂ ਹੋਣਗੀਆਂ। ਸਾਨੂੰ 200 ਸੀਟਾਂ ਲਈ ਪਹਿਲਾਂ ਹੀ 18,000 ਅਰਜ਼ੀਆਂ ਮਿਲ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਕਿਹਾ ਕਿ 9ਵੀਂ ਜਮਾਤ ਵਿੱਚ ਦਾਖ਼ਲੇ ਲਈ ਯੋਗਤਾ ਟੈਸਟ 27 ਮਾਰਚ ਨੂੰ ਲਿਆ ਜਾਵੇਗਾ। ਅਗਲੇ ਦਿਨ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿੱਚ ਇੰਟਰਵਿਊ ਲਈ ਜਾਵੇਗੀ। ਵਿਦਿਆਰਥੀਆਂ ਨੂੰ ਆਰਮੀ, ਨੇਵੀ, ਤੇ ਹਵਾਈ ਫੌਜ ਦੇ ਸੇਵਾਮੁਕਤ ਅਧਿਕਾਰੀਆਂ ਵੱਲੋਂ ਪੜ੍ਹਾਇਆ ਜਾਵੇਗਾ।