Arrest warrant issued : ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਦੇ ਅਗਵਾ, ਲਾਪਤਾ ਤੇ ਕਤਲ ਮਾਮਲੇ ਵਿੱਚ ਮੋਹਾਲੀ ਦੀ ਇੱਕ ਅਦਾਲਤ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 17 ਦੇ ਥਾਣੇ ਦੇ ਤਤਕਾਲੀ ਐੱਸ.ਐੱਚ.ਉ. ਕੇ.ਆਈ.ਪੀ. ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਥੇ ਹੀ ਇਸ ਮਾਮਲੇ ਵਿੱਚ ਸੁਮੇਧ ਸੈਣੀ ਨੇ ਮੋਹਾਲੀ ਅਦਾਲਤ ਵਿੱਚ ਉਸ ਖਿਲਾਫ ਜਾਰੀ ਕੀਤੇ ਗਏ ਤਾਜ਼ਾ ਵਾਰੰਟ ਵਾਪਿਸ ਲਏ ਜਾਣ ਸੰਬੰਧੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾਈ ਹੋਈ ਹੈ।
ਪੀੜਤ ਪਰਿਵਾਰ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ 1991 ਦੇ ਇਸ ਮਾਮਲੇ ਵਿੱਚ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਥਾਣੇ ਵਿੱਚ ਤਸ਼ੱਦਦ ਦੌਰਾਨ ਹੋਈ। ਹਾਲਾਂਕਿ ਇਸ ਮਾਮਲੇ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਹੋਰਨਾਂ ਖਿਲਾਫ਼ ਜੁਰਮ ਵਿੱਚ ਵਾਧਾ ਕਰਦਿਆਂ ਧਾਰਾ 302 ਜੋੜੇ ਜਾਣ ਸਮੇਂ ਥਾਣਾ ਮੁਖ਼ੀ ਕੇ.ਆਈ.ਪੀ. ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ, ਪਰ ਅਜੇ ਤੱਕ ਉਸ ਵਿਰੁੱਧ ਕੋਈ ਪੁਲਿਸ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚੱਲਦਿਆਂ ਅਦਾਲਤ ਵੱਲੋਂ ਉਕਤ ਤਤਕਾਲੀ ਥਾਣੇਦਾਰ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।
ਦੱਸਣਯੋਗ ਹੈ ਕਿ 29 ਸਾਲ ਪਹਿਲਾਂ 11 ਦਸੰਬਰ 1991 ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ‘ਤੇ ਹੋਏ ਇੱਕ ਹਮਲੇ ਸੰਬੰਧੀ ਸੈਣੀ ਵੱਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਉਸ ਦੇ ਫ਼ੇਜ਼-7 ਸਥਿਤ ਘਰੋਂ ਚੁੱਕ ਕੇ ਸੈਕਟਰ 17 ਦੇ ਥਾਣੇ ਵਿੱਚ ਨਾਜਾਇਜ਼ ਤੌਰ ’ਤੇ ਹਿਰਾਸਤ ਵਿੱਚ ਰੱਖਿਆ ਗਿਆ ਸੀ, ਜਿਥੇ ਤਸ਼ੱਦਦ ਕਾਰਨ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਇਸ ਮਾਮਲੇ ਵਿੱਚ ਸੁਮੇਧ ਸੈਣੀ ਖਿਲਾਫ਼ ਮੋਹਾਲੀ ਦੇ ਮਟੌਰ ਥਾਣੇ ਵਿੱਚ ਕਤਲ ਅਤੇ ਹੋਰ ਧਾਰਾਵਾਂ ਹੇਠ ਮਾਮਲੇ ਦਰਜ ਕੀਤੇ ਗਏ ਹਨ।