ਪੰਜਾਬ ਵਿੱਚ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹੈ। ਇਨ੍ਹਾਂ ਚੋਣਾਂ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀ ਕੀਤੀ ਜਾ ਰਹੀ ਹੈ। ਪਰ ਪੰਜਾਬ ਚੋਣਾਂ ਲਈ ਕਾਂਗਰਸ ਵੱਲੋਂ ਹਾਲੇ ਤੱਕ CM ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੇ CM ਫੇਸ ਨੂੰ ਲੈ ਕੇ ਸਵਾਲ ਕੀਤਾ ਹੈ ਕਿ ਕਾਂਗਰਸ ਮੁੱਖ ਮੰਤਰੀ ਅਹੁਦੇ ਲਈ ਸੁਨੀਲ ਜਾਖੜ ਦਾ ਨਾਂ ਸ਼ਾਮਿਲ ਕਿਉਂ ਨਹੀਂ ਕਰ ਰਹੀ ਹੈ।
ਇਸ ਸਬੰਧੀ ਕੇਜਰੀਵਾਲ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਕਿ ਕਾਂਗਰਸ ਪੰਜਾਬ ਵਿੱਚ ਲੋਕਾਂ ਨੂੰ ਚੰਨੀ ਅਤੇ ਸਿੱਧੂ ਵਿੱਚੋਂ ਕਿਸੇ ਇੱਕ ਨੂੰ ਮੁੱਖ ਮੰਤਰੀ ਚਿਹਰਾ ਚੁਣਨ ਲਈ ਕਿਹਾ ਜਾ ਰਿਹਾ ਹੈ। ਪਰ ਸਵਾਲ ਇਹ ਹੈ ਕਿ ਕਾਂਗਰਸ ਇਸ ਵਿੱਚ ਸੁਨੀਲ ਜਾਖੜ ਦਾ ਨਾਂ ਸ਼ਾਮਿਲ ਕਿਉਂ ਨਹੀਂ ਕਰ ਰਹੀ?
ਇਸ ਤੋਂ ਇਲਾਵਾ ਆਪ ਦੇ ਸਹਿ-ਇੰਚਾਰਜ ਰਾਘਵ ਚੱਢਾ ਵੱਲੋਂ ਵੀ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸੁਨੀਲ ਜਾਖੜ ਸਾਬ ਨੂੰ ਕਾਂਗਰਸ ਵੱਲੋਂ ਦੂਜੇ ਦਰਜੇ ਦਾ ਨਾਗਰਿਕ ਸਮਝਿਆ ਜਾ ਰਿਹਾ ਹੈ। ਸੰਭਾਵਿਤ ਮੁੱਖ ਮੰਤਰੀ ਉਮੀਦਵਾਰ ਦੀ ਸੂਚੀ ਵਿੱਚੋਂ ਉਨ੍ਹਾਂ ਨੂੰ ਸਿਰਫ਼ ਹਿੰਦੂ ਹੋਣ ਕਰਕੇ ਬਾਹਰ ਕਰਨਾ ਕਾਂਗਰਸ ਦੀ ਡੂੰਘੀ ਜੜ੍ਹਾਂ ਵਾਲੀ ਫਿਰਕੂ ਸਿਆਸਤ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ
ਦੱਸ ਦੇਈਏ ਕਿ ਰਿਪੋਰਟਾਂ ਅਨੁਸਾਰ ਕਾਂਗਰਸ ਪਾਰਟੀ ਵੱਲੋਂ ਜਲਦੀ ਹੀ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਐਲਾਨਿਆ ਜਾ ਸਕਦਾ ਹੈ। ਬੀਤੇ ਦਿਨੀਂ ਪੰਜਾਬ ਦੌਰੇ ‘ਤੇ ਆਏ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕਿਹਾ ਸੀ ਕਿ ਕਾਂਗਰਸ ਜਲਦ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: