‘ਆਪ’ ਸੁਪਰੀਮੋ ਕੇਜਰੀਵਾਲ ਖਿਲਾਫ ਭੜਕਾਊ ਬਿਆਨ ਦੇ ਦੋਸ਼ ਵਿਚ ਪੰਜਾਬ ਪੁਲਿਸ ਵੱਲੋਂ ਦਿੱਲੀ ਤੋਂ ਗ੍ਰਿਫਤਾਰ ਕੀਤੇ ਗਏ ਭਾਜਪਾ ਨੇਤਾ ਤੇਜਿੰਦਰਪਾਲ ਬੱਗਾ ਦੇਰ ਰਾਤ ਆਪਣੇ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੇ। ਪੂਰੇ ਦਿਨ ਚੱਲੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਭਾਜਪਾ ਵਰਕਰਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਛੁੱਟ ਕੇ ਆਏ ਨੇਤਾ ਨੇ ਗੱਲਬਾਤ ਦੌਰਾਨ ਪਾਰਟੀ ਵਰਕਰਾਂ ਦੇ ਨਾਲ ਹੀ ਦਿੱਲੀ ਤੇ ਹਰਿਆਣਾ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਂਝ ਜਿਨ੍ਹਾਂ ਨੂੰ ਲੱਗਦਾ ਹੈ ਕਿ ਪੁਲਿਸ ਦੀ ਮਦਦ ਨਾਲ ਉਹ ਕੁਝ ਵੀ ਕਰ ਸਕਦੇ ਹਨ, ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਰਕਰ ਕਿਸੇ ਤੋਂ ਡਰਨ ਵਾਲੇ ਨਹੀਂ ਹਨ। ਪੂਰੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਐੱਫਆਈਆਰ ਦਰਜ ਕਰ ਲਈ ਹੈ। ਦੋਸ਼ੀਆਂ ‘ਤੇ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਮੈਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਲਿਆ ਗਿਆ। ਸਥਾਨਕ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਵੇ ਤਾਂ ਮੇਰੇ ‘ਤੇ ਹੋਰ 100 ਐਫ.ਆਈ.ਆਰ ਦਰਜ ਕਰਵਾਓ, ਪਰ ਉਨ੍ਹਾਂ ਨੂੰ ਕਸ਼ਮੀਰੀ ਪੰਡਿਤ ਬਾਰੇ ਦਿੱਤੇ ਬਿਆਨ ਲਈ ਮੁਆਫੀ ਮੰਗਣੀ ਪਵੇਗੀ। ਅਜਿਹਾ ਹੋਣ ਤੱਕ ਲੜਾਈ ਜਾਰੀ ਰਹੇਗੀ।”
ਘਰ ਪਰਤਣ ‘ਤੇ ਬੱਗਾ ਦੇ ਪਿਤਾ ਨੇ ਕਿਹਾ ਕਿ ਪੁਲਿਸ ਆਈ ਤੇ ਤਜਿੰਦਰ ਨੂੰ ਘਸੀਟਣ ਲੱਗੀ। ਉਸ ਨੂੰ ਪੱਗੜੀ ਬੰਨ੍ਹਣ ਤੱਕ ਦਾ ਮੌਕਾ ਨਹੀਂ ਦਿੱਤਾ ਇਹ ਸਾਡੇ ਧਾਰਮਿਕ ਅਸੂਲਾਂ ਦੇ ਖਿਲਾਫ ਹੈ। ਇਸ ਪੂਰੇ ਮਾਮਲੇ ‘ਚ ਮੈਂ ਆਪਣੇ ਸਮਾਜ ਦੇ ਭਰਾਵਾਂ ਨੂੰ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ। ਫਿਲਹਾਲ ਮੇਰਾ ਬੇਟਾ ਵਾਪਸ ਆ ਗਿਆ ਹੈ। ਸੱਚਾਈ ਦੀ ਜਿੱਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਬੀਤੇ ਦਿਨੀਂ ਬੱਗਾ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਮੋਹਾਲੀ ਵਿਚ ਰਹਿਣ ਵਾਲੇ ‘ਆਪ’ ਨੇਤਾ ਵੱਲੋਂ ਦਰਜ ਕਰਾਈ ਗਈ ਐੱਫਆਈਆਰ ਦਾ ਨੋਟਿਸ ਲੈਂਦਿਆਂ ਪੁਲਿਸ ਨੇ ਅਜਿਹਾ ਕੀਤਾ ਸੀ ਪਰ ਮੋਹਾਲੀ ਜਾਣ ਦੌਰਾਨ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਉਸ ਸਮੇਂ ਰੋਕ ਲਿਆ ਜਦੋਂ ਦਿੱਲੀ ਪੁਲਿਸ ਨੇ ਭਾਜਪਾ ਨੇਤਾ ਦੇ ਬਿਆਨ ਦੇ ਆਧਾਰ ‘ਤੇ ਬੱਗਾ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰ ਲਈ।