ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦੀ ਬੁਨਿਆਦ ਉਤੇ ਬਣੀ ਹੈ ਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਵਿਚੋਂ ਕੋਈ ਵੀ ਗਾਰੰਟੀ ਅਜੇ ਤੱਕ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪਹਿਲੀ ਗਾਰੰਟੀ ਦਿੱਤੀ ਗਈ ਸੀ ਕਿ ਹਰੇਕ ਪੰਜਾਬ ਵਾਸੀ ਨੂੰ 300 ਯੂਨਿਟ ਬਿਜਲੀ ਫ੍ਰੀ ਦਿੱਤੀ ਜਾਵੇਗੀ। ਬਿਜਲੀ ਫ੍ਰੀ ਤਾਂ ਕੀ ਦੇਣੀ ਸੀ, ਉਹ ਉਂਝ ਹੀ ਗੁੱਲ ਹੋ ਗਈ ਮਤਲਬ ਕੱਟ ਲੱਗਣੇ ਸ਼ੁਰੂ ਹੋ ਗਏ ਹਨ।
ਦੂਜੀ ਗਾਰੰਟੀ ਦਿੱਤੀ ਗਈ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ 8 ਘੰਟੇ ਬਿਜਲੀ ਦਿੱਤੀ ਜਾਵੇਗੀ ਤੇ ਪਰ ਇਸ ਦੇ ਉਲਟ ਕਿਸਾਨਾਂ ਨੂੰ ਸਿਰਫ 2-3 ਘੰਟੇ ਬਿਜਲੀ ਆ ਰਹੀ ਹੈ।
ਤੀਜੀ ਗਾਰੰਟੀ ਬਾਰੇ ਦੱਸਦਿਆਂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ ਤੇ ਅੱਜ ਸਰਕਾਰ ਬਣੇ ਨੂੰ ਇੱਕ ਮਹੀਨੇ ਤੋਂ ਉਪਰ ਹੋ ਗਿਆ ਹੈ ਪਰ ਕਿਸੇ ਖਿਲਾਫ ਵੀ ਕਾਰਵਾਈ ਨਹੀਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਿੰਤਾ ਪ੍ਰਗਟਾਉਂਦਿਆਂ ਬਾਜਵਾ ਨੇ ਕਿਹਾ ਕਿ ਜਦੋਂ ਤੋਂ ਸਰਕਾਰ ਬਣੀ ਹੈ ਪੰਜਾਬ ਵਿਚ ਹਿੰਸਾ ਦੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਵਿਖੇ ਪੁੱਜੇ ਸਨ ਜਿਥੇ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਲਈ ਗ੍ਰਾਂਟ ਦਿੱਤੀ ਗਈ ਸੀ ਵਿਸ਼ੇਸ਼ ਤੌਰ ‘ਤੇ ਗਰੀਬ ਵਰਗ ਲਈ, ਈਸਾਈ ਭਾਈਚਾਰੇ ਲਈ, ਛੱਪੜਾਂ ਦੀ ਸਫਾਈ ਆਦਿ ਲਈ ਪੈਸੇ ਦਿੱਤੇ ਗਏ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜੋ ਪੈਸੇ ਦਿੱਤੇ ਜਾ ਰਹੇ ਹਨ, ਉਹ ਦਿੱਤੇ ਜਾਣੇ ਚਾਹੀਦੇ ਹਨ। ਜੇਕਰ ਕੋਈ ਜਾਂਚ ਕਰਵਾਉਣੀ ਹੈ ਤਾਂ 100 ਫੀਸਦੀ ਕਰਵਾਓ। ਜਿਥੇ ਕੰਮ ਗਲਤ ਹੋਇਆ ਹੈ। ਜਿਥੇ 99 ਫੀਸਦੀ ਸਹੀ ਕੰਮ ਹੋ ਰਿਹਾ ਹੈ ਉਥੇ ਕੰਮ ਨੂੰ ਰੋਕਣਾ ਸਰਾਸਰ ਗਲਤ ਹੈ ਨਹੀਂ ਤਾਂ ਸਾਨੂੰ ਮਜਬੂਰਨ ਕਚਿਹਰੀਆਂ ਵਿਚ ਜਾਣਾ ਪਵੇਗਾ। ਬਾਜਵਾ ਨੇ ਕਿਹਾ ਕਿ ਅਜੇ ਸਰਕਾਰ ਬਣੇ ਨੂੰ ਸਿਰਫ ਇੱਕ ਮਹੀਨਾ ਹੀ ਹੋਇਆ ਹੈ ਤੇ 6 ਮਹੀਨਿਆਂ ਦੇ ਵਿਚ-ਵਿਚ ਲੋਕਾਂ ਦੇ ਸਾਹਮਣੇ ਸਾਰਾ ਸੱਚ ਆ ਜਾਵੇਗਾ।