Bargari case to be heard : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਪੰਜਾਬ ਵਿੱਚ ਹੀ ਚੱਲੇਗੀ। ਸੁਪਰੀਮ ਕੋਰਟ ਨੇ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਹਾਲਾਂਕਿ ਹੇਠਲੀ ਅਦਾਲਤ ਨੂੰ ਇੱਕ ਸੁਤੰਤਰ ਅਤੇ ਨਿਰਪੱਖ ਸੁਣਵਾਈ ਯਕੀਨੀ ਬਣਾਉਣ ਲਈ ਕਿਹਾ ਹੈ। ਚੋਟੀ ਦੀ ਅਦਾਲਤ ਨੇ ਛੇ ਮੁਲਜ਼ਮਾਂ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਮੁਕੱਦਮੇ ਵਿੱਚ ਪੱਖਪਾਤ ਦੀ ਖ਼ਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਰਾਜ ਵਿੱਚ ਉਨ੍ਹਾਂ ਦੀਆਂ ਜਾਨਾਂ ਨੂੰ ਖਤਰਾ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ 8 ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਹੀ 6 ਨੇ ਪੰਜਾਬ ਵਿੱਚ ਸੁਣਵਾਈ ਦੌਰਾਨ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਇਹ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਸਟਿਸ ਆਰ.ਐਫ. ਨਾਰੀਮਨ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਬੈਂਚ ਨੇ ਬੀਤੀ 20 ਫ਼ਰਵਰੀ ਨੂੰ ਸੀ.ਬੀ.ਆਈ. ਦੀ ਉਹ ਪਟੀਸ਼ਨ ਵੀ ਖ਼ਾਰਿਜ ਕਰ ਦਿੱਤੀ ਸੀ ਜਿਸ ਵਿੱਚ 2019 ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਖਿਲਾਫ਼ ਰਾਹਤ ਦੀ ਬੇਨਤੀ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਤੋਂ ਇਹ ਕੇਸ ਵਾਪਸ ਲੈਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ ਸੀ।
ਦੱਸਣਯੋਗ ਹੈ ਕਿ ਪਿਛਲੇ ਹਫਤੇ ਇਸ ਕੇਸ ਦੇ ਮੁਲਜ਼ਮ ਜਤਿੰਦਰਬੀਰ ਐਸ ਜਿੰਮੀ ਦੇ ਪਿਤਾ ਮਨੋਹਰ ਲਾਲ ਨੂੰ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਗੋਲੀ ਮਾਰ ਦਿੱਤੀ ਗਈ ਸੀ। ਮਨੋਹਰ ਲਾਲ ਆਪਣੀ ਦੁਕਾਨ ‘ਤੇ ਸੀ ਜਦੋਂ ਦੋ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਗੰਭੀਰ ਰੂਪ ਵਿੱਚ ਜ਼ਖਮੀ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ‘ਮ੍ਰਿਤਕ’ ਘੋਸ਼ਿਤ ਕੀਤਾ ਗਿਆ, ਪੁਲਿਸ ਨੇ ਦੱਸਿਆ। ਸਾਲ 2018 ਵਿੱਚ, ਇੱਕ ਵਿਸ਼ੇਸ਼ ਜਾਂਚ ਟੀਮ ਨੇ ਜਿੰਮੀ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ।