ਬਰਨਾਲਾ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇੱਕ ਮਹਿਲਾ ਤਸਕਰ ਸਣੇ 15 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਤਸਕਰਾਂ ’ਤੇ ਪਹਿਲਾਂ ਵੀ ਗੰਭੀਰ ਮਾਮਲੇ ਦਰਜ ਹਨ। ਪੁਲਿਸ ਨੇ ਕਿਹਾ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਚਾਰ ਵੱਖ-ਵੱਖ ਮਾਮਲਿਆਂ ਵਿੱਚ 15 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 234300 ਨਸ਼ੀਲੀਆਂ ਗੋਲੀਆਂ, 950 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪਹਿਲੇ ਕੇਸ ਵਿੱਚ ਬਰਨਾਲਾ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਉਨ੍ਹਾਂ ਦੇ ਸਰਗਨਾ ਸੁਧੀਰ ਕੁਮਾਰ ਨੂੰ ਬਰਨਾਲਾ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਨ੍ਹਾਂ ਪੰਜਾਂ ਨਸ਼ਾ ਤਸਕਰਾਂ ਤੋਂ 220000 ਨਸ਼ੀਲੀਆਂ ਗੋਲੀਆਂ ਤੇ ਨਸ਼ਾ ਸਪਲਾਈ ਕਰਨ ਲਈ ਇਸਤੇਮਾਲ ਕੀਤੇ ਜਾਣ ਵਾਲੇ 2 ਵਾਹਨ ਬਰਾਮਦ ਕੀਤੇ ਹਨ।
ਇਸ ਦੇ ਨਾਲ ਹੀ ਦੱਸਿਆ ਕਿ ਦੂਸਰੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਔਰਤ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 14300 ਨਸ਼ੀਲੀਆਂ ਗੋਲੀਆਂ ਅਤੇ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਸ ਦੇ ਖਿਲਾਫ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਵੀ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਨੇ ਤੀਜੇ ਮਾਮਲੇ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਚੌਥੇ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 320 ਗ੍ਰਾਮ ਹੈਰੋਇਨ, ਇੱਕ 12 ਬੋਰ ਦੀ ਦੇਸੀ ਪਿਸਤੌਲ, 1 ਏਅਰ ਗਨ ਅਤੇ ਹੋਰ ਤੇਜ਼ਧਾਰ ਹਥਿਆਰ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਕੀਤਾ ਸਥਾਪਤ, ਬਲਬੀਰ ਸਿੱਧੂ ਨੇ ਦਿੱਤੀ ਹਰੀ ਝੰਡੀ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਆਗੂ ਗੁਰਪ੍ਰੀਤ ਸਿੰਘ, ਜਿਸ ਨੂੰ ਹਾਲ ਹੀ ਵਿੱਚ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਕਾਰਨ ਮੁਲਜ਼ਮ ਨੂੰ ਬਰਨਾਲਾ ਦੇ ਕੋਰੋਨਾ ਕੇਅਰ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਮੁਲਜ਼ਮ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਗਿਰੋਹ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਸਪਾ ਵਿੱਚ ਇੱਕ ਵਿਅਕਤੀ ਕੋਲੋਂ 300000 ਰੁਪਏ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਹ ਗਿਰੋਹ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਬੈਂਕ ਲੁੱਟਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਪੁਲਿਸ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਸਾਰੇ ਫੜੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਜਲਦੀ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।