Barnala Youth murdered : ਪੰਜਾਬ ਦੇ ਇੱਕ ਨੌਜਵਾਨ ਨੂੰ ਉਸ ਦੇ ਹੀ ਸਾਥੀ ਨੇ ਲੋਹੇ ਦੀ ਬਾਂਸ ਬੋਕੀ ਤੇ ਸੋਟੀਆਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਨੌਜਵਾਨ ਬਰਨਾਲਾ ਦੇ ਪਿੰਡ ਢਿੱਲਵਾਂ ਦਾ ਰਹਿਣ ਵਾਲਾ ਸੀ ਅਤੇ ਕਿਸਾਨ ਅੰਦੋਲਨ ਵਿੱਚ ਟਿਕਰੀ ਬਾਰਡਰ ‘ਤੇ ਹਿੱਸਾ ਲੈਣ ਗਿਆ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਾਪਿਸ ਪਰਤਣ ਵੇਲੇ ਇਹ ਘਟਨਾ ਹੋਈ ਹੈ।
ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕਾਫੀ ਦਿਨਾਂ ਤੋਂ ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਗਿਆ ਹੋਇਆ ਸੀ ਪਰ ਵਾਪਿਸ ਪਰਤਨ ਵੇਲੇ ਉਸ ਦੇ ਸਾਥੀ ਤੇ ਨੌਜਵਾਨ ਵਿੱਚ ਕੁਝ ਤਕਰਾਰ ਹੋ ਗਈ ਤੇ ਗੁੱਸੇ ਵਿੱਚ ਆ ਕੇ ਉਸ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਦੱਸਣਯੋਗ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 125ਵਾਂ ਦਿਨ ਹੈ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਜ਼ਿੱਦ ’ਤੇ ਪਿਛਲੇ 4 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਸੜਕਾਂ’ ਤੇ ਅੰਦੋਲਨ ਕਰ ਰਹੇ ਹਨ । ਕਿਸਾਨ ਆਗੂ ਲਗਾਤਾਰ ਕਹਿ ਰਹੇ ਹਨ ਕਿ ਇਹ ਅੰਦੋਲਨ ਤਿੰਨ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ। ਉਥੇ ਕੇਂਦਰ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈ ਰਹੀ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਕਦੇ ਠੰਡ ਨਾਲ, ਕਦੇ ਬੀਮਾਰੀ ਨਾਲ ਤੇ ਕਦੇ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ ਪਰ ਅਜੇ ਵੀ ਇਸ ਗੱਲ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ਕਿ ਇਹ ਅੰਦੋਲਨ ਹੋਰ ਕਿੰਨੀ ਦੇਰ ਚੱਲੇਗਾ।