Bathinda farmer dies : ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ 119ਵਾਂ ਦਿਨ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਹੈ। ਜਦਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਘਰਸ਼ ਵਿੱਚ ਸ਼ਾਮਲ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅੱਜ ਫਿਰ ਦਿੱਲੀ ਦੇ ਟਿਕਰੀ ਬਾਰਡਰ ਤੋਂ ਮਾੜੀ ਖਬਰ ਆਈ ਹੈ, ਜਿਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਪਛਾਣ ਭੋਲਾ ਸਿੰਘ ਵਜੋਂ ਹੋਈ ਹੈ ਜੋਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਬਖਤੂ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਹੁਣ ਕਿਸਾਨੀ ਸੰਘਰਸ਼ ਨੂੰ ਅਣਗੌਲਿਆਂ ਕਰਦੀ ਨਜ਼ਰ ਆ ਰਹੀ ਹੈ। ਉਥੇ ਹੀ ਕਿਸਾਨ ਆਪਣੇ ਅੰਦੋਲਨ ਨੂੰ ਲਗਾਤਾਰ ਤੇਜ ਕਰਨ ਅਤੇ ਤਿੱਖਾ ਕਰਨ ਲਈ ਨਵੀਆਂ ਰਣਨੀਤੀਆਂ ਬਣਾ ਰਹੇ ਹਨ। ਸਿਰਫ ਇਹੀ ਨਹੀਂ, ਵੱਧ ਤੋਂ ਵੱਧ ਕਿਸਾਨਾਂ ਨੂੰ ਉਨ੍ਹਾਂ ਨਾਲ ਜੋੜਨ ਲਈ, ਕਿਸਾਨ ਜੱਥੇਬੰਦੀਆਂ ਦੇ ਵੱਡੇ ਆਗੂ ਨਿਰੰਤਰ ਪੰਚਾਇਤਾਂ ਅਤੇ ਮਹਾਂ ਪੰਚਾਇਤਾਂ ਕਰ ਰਹੇ ਹਨ। ਹੁਣ ਤੱਕ ਖੇਤੀਬਾੜੀ ਕਾਨੂੰਨਾਂ ਬਾਰੇ ਜਾਰੀ ਮਸਲੇ ਨੂੰ ਹੱਲ ਕਰਨ ਲਈ ਕਿਸਾਨਾਂ ਦੀ ਸਰਕਾਰ ਦੇ ਨਾਲ 12 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਨਤੀਜਾ ਨਹੀਂ ਨਿਕਲਿਆ ਹੈ।