Bathinda young farmer dies : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਦਿੱਲੀ ਬਾਰਡਰਾਂ ’ਤੇ ਸੰਘਰਸ਼ ਕਰਦਿਆਂ ਡੇਢ ਮਹੀਨੇ ਤੋਂ ਵੀ ਉਪਰ ਹੋ ਚੁੱਕਾ ਹੈ ਪਰ ਸਰਕਾਰ ਵੱਲੋਂ ਅੰਦੋਲਨ ਖਤਮ ਕਰਵਾਉਣ ਲਈ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ। ਇਸ ਦੌਰਾਨ ਠੰਡ ਵਿੱਚ ਕਿਸਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਂ ਹਨ। ਤਾਜ਼ ਮਾਮਲੇ ਵਿੱਚ ਪੰਜਾਬ ਦੇ ਮਲੋਟ ਦੇ ਔਲਖ ਪਿੰਡ ਦੇ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਪਿੰਡ ਔਲਖ ਦੇ ਬਲਾਕ ਕਮੇਟੀ ਮੈਂਬਰ ਗੁਰਜੰਟ ਸਿੰਘ ਦਾ 21 ਸਾਲਾ ਪੁੱਤਰ ਪਰਵਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੁਰ ਗਰੁੱਪ ਦੀ ਅਗਵਾਈ ਹੇਠ ਟਿਕਰੀ ਸਰਹੱਦ ’ਤੇ ਧਰਨੇ ਵਿੱਚ ਸ਼ਾਮਲ ਸੀ।
ਤਿੰਨ-ਚਾਰ ਦਿਨ ਪਹਿਲਾਂ ਉਸਦੀ ਹਾਲਤ ਵਿਗੜ ਗਈ। ਇਸ ਕਾਰਨ ਉਸਦੇ ਸਾਥੀ ਉਸਨੂੰ ਵਾਪਸ ਲੈ ਆਏ ਅਤੇ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ। ਜਦੋਂ ਹਾਲਤ ਨਾਜ਼ੁਕ ਹੋਣ ਤੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਦੇ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਪਿਛਲੇ ਕਈ ਹਫ਼ਤਿਆਂ ਤੋਂ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ ।
ਹੁਣ ਤੱਕ ਕਿਸਾਨਾਂ ਨਾਲ ਕੇਂਦਰ ਸਰਕਾਰ ਵਿਚਾਲੇ 9 ਵੇਂ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਬੇਸਿੱਟਾ ਰਹੀ। ਹੁਣ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਹੁਣ 20 ਜਨਵਰੀ ਨੂੰ ਹੋਵੇਗੀ । ਸਰਕਾਰ ਨੇ ਦਾਅਵਾ ਕੀਤਾ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਕਿਹਾ ਕਿ ਜਦੋਂ ਵੀ ਕੋਈ ਚੰਗਾ ਕਦਮ ਚੁੱਕਿਆ ਜਾਂਦਾ ਹੈ ਤਾਂ ਇਸ ਵਿੱਚ ਰੁਕਾਵਟਾਂ ਆਉਂਦੀਆਂ ਹਨ । ਸਰਕਾਰ ਨੇ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਵਿੱਚ ਇਸ ਲਈ ਦੇਰੀ ਹੋ ਰਹੀ ਹੈ ਕਿਉਂਕਿ ਕਿਸਾਨ ਆਗੂ ਆਪਣੇ ਹਿਸਾਬ ਨਾਲ ਹੱਲ ਚਾਹੁੰਦੇ ਹਨ। ਇਸ ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਵੀ ਆਪਣੀ ਪਹਿਲੀ ਬੈਠਕ ਅੱਜ ਯਾਨੀ ਕਿ ਮੰਗਲਵਾਰ ਨੂੰ ਹੋਵੇਗੀ ।