ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ। ਇਸ ਦੇ ਲਈ ਮੁਹਾਲੀ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਅਗਲੇਰੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।
ਹਾਲਾਂਕਿ ਇਸ ਦੌਰਾਨ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। CM ਭਗਵੰਤ ਮਾਨ ਨੇ 12 ਵਜੇ ਕਿਸਾਨ ਆਗੂਆਂ ਦੀ ਮੀਟਿੰਗ ਬੁਲਾਈ ਹੈ। ਕਿਸਾਨਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ।
ਮੰਗਲਵਾਰ ਦੁਪਹਿਰ ਨੂੰ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋ ਸਕੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਦੁਪਹਿਰ ਬਾਅਦ ਦਿੱਲੀ ਲਈ ਰਵਾਨਾ ਹੋ ਗਏ ਸਨ, ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸੀਐਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਾਅਰੇਬਾਜ਼ੀ ਕਰਨ ਦੀ ਬਜਾਏ ਪਾਣੀ ਬਚਾਉਣ ਦੀ ਅਪੀਲ ਕੀਤੀ। ਦੁਪਹਿਰ 12 ਵਜੇ ਸੀਐਮ ਭਗਵੰਤ ਮਾਨ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਵੇਗੀ।
ਪੰਜਾਬ ਸਰਕਾਰ ਕਿਸਾਨਾਂ ਦੀ ਕਾਰਗੁਜ਼ਾਰੀ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਵੇਰੇ 10:30 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਕਿਸਾਨ ਅੰਦੋਲਨ ਬਾਰੇ ਚਰਚਾ ਕੀਤੀ ਜਾਵੇਗੀ। ਸਰਕਾਰ ਕੁਝ ਮੰਗਾਂ ਅੱਗੇ ਝੁਕ ਸਕਦੀ ਹੈ।
ਦੱਸਣਯੋਗ ਹੈ ਕਿ ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ । ਕਿਸਾਨਾਂ ਨੇ ਰਾਤ ਵੀ ਮੋਹਾਲੀ ਬਾਰਡਰ ’ਤੇ ਸੜਕ ’ਤੇ ਹੀ ਕੱਟੀ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਲਈ ਕਿਹਾ ਹੈ । ਇਸ ਦੇ ਲਈ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਤਹਿਤ 6-6 ਜ਼ਿਲ੍ਹਿਆਂ ਵਿੱਚ 18, 20 ਅਤੇ 22 ਜੂਨ ਨੂੰ ਅਤੇ ਬਾਕੀ 5 ਜ਼ਿਲ੍ਹਿਆਂ ਵਿੱਚ 24 ਜੂਨ ਤੋਂ ਝੋਨਾ ਲਗਾਇਆ ਜਾਵੇਗਾ। ਸਰਕਾਰ ਨੇ ਇਹ ਕਦਮ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਚੁੱਕਿਆ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਸਮਝੌਤਾ ਵੀ ਹੋਇਆ ਪਰ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: