ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਯੂਕਰੇਨ, ਗੁਆਂਢੀ ਦੇਸ਼ਾਂ ਅਤੇ ਸਰਹੱਦੀ ਖੇਤਰਾਂ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਪ੍ਰਬੰਧ ਕਰਨ। ਵਿਦਿਆਰਥੀ ਭਾਰਤ ‘ਚ ਆਪਣੀਆਂ ਡਿਗਰੀਆਂ ਨੂੰ ਜਾਰੀ ਰੱਖਣ ਅਤੇ ਪੂਰਾ ਕਰਨ ਤਾਂ ਜੋ ਵਿਦਿਆਰਥੀ ਨੂੰ ਹੋਰ ਜਾਨੀ-ਮਾਲੀ ਅਤੇ ਅਕਾਦਮਿਕ ਪੱਧਰ ‘ਤੇ ਨੁਕਸਾਨ ਨਾ ਹੋਵੇ।
ਉਨ੍ਹਾਂ ਕਿਹਾ ਕਿ ਹਜ਼ਾਰਾਂ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਅਤੇ ਹਰਿਆਣਵੀ ਵਿਦਿਆਰਥੀ ਹਨ, ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ। ਸਾਨੂੰ ਯੂਕਰੇਨ ਵਿੱਚ ਫਸੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਲਗਾਤਾਰ ਚਿੰਤਾਜਨਕ ਫੋਨ ਆ ਰਹੇ ਹਨ। ਕੀਵ ਅਤੇ ਖਾਰਕੀਵ ਵਰਗੇ ਸ਼ਹਿਰਾ ਹੰਗਰੀ, ਪੋਲੈਂਡ, ਰੋਮਾਨੀਆ ਆਦਿ ਦੀਆਂ ਅੰਤਰਰਾਸ਼ਟਰੀ ਸਰਹੱਦਾਂ ‘ਤੇ ਸਥਿਤ ਹਨ। ਮਿਲੀਆਂ ਸ਼ਿਕਾਇਤਾਂ ਤੋਂ ਇਹ ਸਪੱਸ਼ਟ ਹੈ ਕਿ ਭਾਰਤੀ ਦੂਤਾਵਾਸ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਵਿਚ ਅਸਫਲ ਰਿਹਾ ਹੈ। ਅਜਿਹੀ ਮੁਸ਼ਕਲ ਦੀ ਘੜੀ ਵਿੱਚ ਪੋਲੈਂਡ, ਹੰਗਰੀ, ਬੇਲਾਰੂਸ, ਰੂਸ ਅਤੇ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਹੋਰ ਸਾਰੇ ਦੇਸ਼ਾਂ ਵਿੱਚ ਤਾਇਨਾਤ ਭਾਰਤੀ ਦੂਤਾਵਾਸਾਂ ਨੂੰ ਹਰ ਭਾਰਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਤਾਲਮੇਲ ਅਤੇ ਕੰਮ ਕਰਨਾ ਚਾਹੀਦਾ ਸੀ ਪਰ ਬਦਕਿਸਮਤੀ ਨਾਲ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਸਾਡੇ ਦੂਤਾਵਾਸਾਂ ਵਿਚਕਾਰ ਤਾਲਮੇਲ ਢਿੱਲਾ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਕਮੇਟੀ ਬਣਾਉਣੀ ਚਾਹੀਦੀ ਹੈ ਕਿ ਯੂਕਰੇਨ ਤੋਂ ਪਰਤੇ ਵਿਦਿਆਰਥੀ ਆਪਣੀ ਪੜ੍ਹਾਈ ਜਾਰੀ ਰੱਖ ਸਕਣ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀਆਂ ਡਿਗਰੀਆਂ ਪੂਰੀਆਂ ਕਰ ਸਕਣ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਮੁੜ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਚੰਗੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਕਮੀਆਂ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਮੈਰਿਟ ਵਿੱਚ ਘਟੀਆ ਨਹੀਂ ਹਨ ਪਰ ਉਨ੍ਹਾਂ ਨੂੰ ਯੂਕਰੇਨ ਵਰਗੇ ਮੁਲਕਾਂ ਵਿੱਚ ਸਸਤੀ ਫੀਸ ’ਤੇ ਬਰਾਬਰ ਮੌਕੇ ਅਤੇ ਡਿਗਰੀਆਂ ਮਿਲਦੀਆਂ ਹਨ, ਇਸ ਲਈ ਉਹ ਇਨ੍ਹਾਂ ਮੁਲਕਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੀ ਸਿੱਖਿਆ ਪ੍ਰਣਾਲੀ ਦੀ ਨਾਕਾਮੀ ਪਿਛਲੀਆਂ ਸਰਕਾਰਾਂ ਦੀਆਂ ਲਗਾਤਾਰ ਅਣਗਹਿਲੀਆਂ ਅਤੇ ਗਲਤੀਆਂ ਦਾ ਨਤੀਜਾ ਹੈ ਅਤੇ ਇਸ ਦੀ ਵੱਡੀ ਕੀਮਤ ਨੌਜਵਾਨ ਪੀੜ੍ਹੀ ਨੂੰ ਭੁਗਤਣੀ ਪੈ ਰਹੀ ਹੈ। ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਸਮਾਜ ਦੇ ਹਰ ਵਰਗ ਲਈ ਸਸਤੀ ਹੋਣੀ ਚਾਹੀਦੀ ਹੈ।