Bhagwant Mann will raise : ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਵਿੱਚ ਕੇਂਦਰ ਸਰਕਾਰ ਵੱਲੋਂ ਸਰਕਾਰੀ ਮਾਨਤਾ ਨਾ ਦਿੱਤੇ ਜਾਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਇਸ ਮੁੱਦੇ ਨੂੰ ਉਠਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਵੀ ਪਹੁੰਚ ਕਰਨ ਦੀ ਗੱਲ ਕਹੀ।
ਮਾਨ ਨੇ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਵੀ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਦੀ ਸੂਚੀ ‘ਚ ਸਥਾਨ ਅਤੇ ਬਣਦਾ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਜੋਂ ਮਾਨਤਾ ਦਿੱਤੇ ਜਾਣ ‘ਤੇ ਕੋਈ ਇਤਰਾਜ਼ ਨਹੀਂ ਪਰ ਇਸ ਵਿਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਕੇ ਭਾਜਪਾ ਨੇ ਪੰਜਾਬੀ ਭਾਸ਼ਾ ਦੀ ਤੌਹੀਨ ਅਤੇ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ।
ਇਸ ਦੇ ਨਾਲ ਹੀ ਆਪ ਆਗੂ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਮਾਨਸੂਨ ਸੈਸ਼ਨ ਦੌਰਾਨ ਇਸ ਅਹਿਮ ਮੁੱਦੇ ‘ਤੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਇੱਕਜੁੱਟ ਅਤੇ ਇਕਸੁਰ ਹੋ ਕੇ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਅਤੇ ਬਣਦਾ ਸਨਮਾਨ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ‘ਚ ਸਦੀਆਂ ਤੋਂ ਵੱਸਦੇ ਲੱਖਾਂ ਪੰਜਾਬੀ ਪਰਿਵਾਰਾਂ ਨਾਲ ਸਰਾਸਰ ਧੱਕਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਪੱਖਪਾਤੀ ਵਤੀਰਾ ਹੈ।