Bicycle rally organized by children : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਜਿਥੇ ਹਰ ਵਰਗ ਸਮਰਥਨ ਕਰ ਰਿਹਾ ਹੈ, ਉਥੇ ਬੱਚੇ ਵੀ ਪਿੱਛੇ ਨਹੀਂ ਹਨ। ਪੰਜਾਬ ਵਿਚ ਬੱਚਿਆਂ ਨੇ ਇੱਕ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ 26 ਜਨਵਰੀ ਨੂੰ ਟਰੈਕਟਰ ਰੈਲੀ ਵਿਚ ਸ਼ਾਮਲ ਹੋਣ ਲਈ ਜਾਗਰੂਕ ਕੀਤਾ। 26 ਜਨਵਰੀ ਦੇ ਟਰੈਕਟਰ ਮਾਰਚ ਤੋਂ ਪਹਿਲਾਂ ਮੋਗਾ ਦੇ ਪਿੰਡ ਮਹੇਸਰੀ ਦੇ ਬੱਚਿਆਂ ਵੱਲੋਂ ਪਿੰਡ ਵਿੱਚ ਸਾਈਕਲ ਰੈਲੀ ਕੱਢੀ ਗਈ। 26 ਜਨਵਰੀ ਨੂੰ ਹੋਣ ਜਾ ਰਹੇ ਟਰੈਕਟਰ ਮਾਰਚ ਨੂੰ ਲੈ ਕੇ ਜਿੱਥੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਅੱਜ ਮੋਗਾ ਦੇ ਪਿੰਡ ਮਹੇਸਰੀ ਦੇ ਬੱਚਿਆਂ ਨੇ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਆ।
ਬੱਚਿਆਂ ਨੇ ਦੱਸਿਆ ਕਿ ਖੇਤੀਬਾੜੀ ਕਾਨੂੰਨ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ 26 ਤਰੀਕ ਨੂੰ ਦਿੱਲੀ ਪਹੁੰਚੇ। ਜਾਣਕਾਰੀ ਦਿੰਦਿਆਂ ਇਸ ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਇਸ ਖੇਤੀਬਾੜੀ ਕਾਨੂੰਨ ਨੂੰ ਲਾਗੂ ਕਰਦਿਆਂ ਕੇਂਦਰ ਸਰਕਾਰ ਨੇ ਫਸਲਾਂ ’ਤੇ ਨਹੀਂ, ਆਉਣ ਵਾਲੀਆਂ ਨਸਲਾਂ ’ਤੇ ਹਮਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਵੀ ਇੱਛਾ ਸੀ ਕਿ ਜਿਵੇਂ ਉਨ੍ਹਾਂ ਦੇ ਪਿਤਾ, ਚਾਚੇ ਅਤੇ ਰਿਸ਼ਤੇਦਾਰ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ, ਉਹ ਵੀ ਖਿਡੌਣਿਆਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੁੰਦੇ ਸਨ। ਬੱਚਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਏ ਹਨ ਅਤੇ ਉਹ ਚਾਹੁੰਦੇ ਹਨ ਕਿ ਇਸ ਨੂੰ ਸਫਲ ਬਣਾਇਆ ਜਾਵੇ।
ਇਥੇ ਦੱਸਣਯੋਗ ਹੈ ਕਿ 22 ਜਨਵਰੀ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਗੱਲਬਾਤ ਬੇਸਿੱਟਾ ਰਹੀ। ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਬਦਲਣ ਲਈ ਤਿਆਰ ਹੈ, ਪਰ ਇਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੇ ਮੂਡ ਵਿਚ ਨਹੀਂ ਹੈ। ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਨੂੰਨ ਰੱਦ ਕਰਵਾ ਕੇ ਹੀ ਇਸ ਅੰਦੋਲਨ ਨੂੰ ਖਤਮ ਕਰਨਗੇ। ਇਸ ਦੌਰਾਨ ਕਿਸਾਨਾਂ ਨੇ 26 ਜਨਵਰੀ ਗਣਤੰਤਰ ਦਿਵਸ ਨੂੰ ਟਰੈਕਟਰ ਪਰੇਡ ਕੱਢਣ ਦਾ ਫੈਸਲਾ ਲਿਆ ਹੈ।