ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। 101 ਕਿਸਾਨ 21 ਜਨਵਰੀ ਨੂੰ ਪੈਦਲ ਦਿੱਲੀ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਤੱਕ ਗੱਲਬਾਤ ਦਾ ਮਨ ਨਹੀਂ ਬਣਾ ਰਹੀ ਹੈ, ਇਸ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਕਿਸਾਨ ਇਸ ਤੋਂ ਪਹਿਲਾਂ ਵੀ ਦਸੰਬਰ ਵਿਚ 3 ਵਾਰ ਦਿੱਲੀ ਕੂਚ ਦੀ ਕੋਸ਼ਿਸ਼ ਕਰ ਚੁੱਕੇ ਹਨ। ਕਿਸਾਨ 6, 8 ਤੇ 14 ਦਸੰਬਰ 2024 ਨੂੰ ਦਿੱਲੀ ਵੱਲ ਰਵਾਨਾ ਹੋਏ ਸਨ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ‘ਤੇ ਹੀ ਰੋਕ ਲਿਆ।
ਇਹ ਵੀ ਪੜ੍ਹੋ : SGPC ਨੇ ਫਿਲਮ ‘ਐਮਰਜੈਂਸੀ’ ‘ਤੇ ਪ੍ਰਗਟਾਇਆ ਇਤਰਾਜ਼, ਰਿਲੀਜ਼ ‘ਤੇ ਰੋਕ ਲਗਾਉਣ ਲਈ CM ਮਾਨ ਨੂੰ ਲਿਖੀ ਚਿੱਠੀ
ਦੱਸ ਦੇਈਏ ਕਿ MSP ਦੀ ਗਾਰੰਟੀ ਕਾਨੂੰਨ ਨੂੰ ਲੈ ਕੇ ਕਿਸਾਨ 11 ਮਹੀਨੇ ਤੋਂ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਖਨੌਰੀ ਬਾਰਡਰ ‘ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 52 ਦਿਨ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ‘ਚ 111 ਲੋਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਚ ਹੈ। ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਡਾਕਟਰਾਂ ਅਨੁਸਾਰ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿਚ ਵੀ ਦਿੱਕਤ ਆ ਰਹੀ ਹੈ। ਬੀਪੀ ਲਗਾਤਾਰ ਉੱਪਰ ਅਤੇ ਹੇਠਾਂ ਜਾ ਰਿਹਾ ਹੈ। ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰਦੀ, ਉਹ ਡਾਕਟਰੀ ਇਲਾਜ ਨਹੀਂ ਕਰਵਾਉਣਗੇ। ਸਰਕਾਰ ਨੇ ਸਾਹਮਣੇ ਵਾਲੇ ਪਾਸੇ ਆਰਜ਼ੀ ਹਸਪਤਾਲ ਬਣਾਇਆ ਹੋਇਆ ਹੈ। ਨਾਲ ਹੀ ਕਰੀਬ 50 ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਸੰਸਥਾਵਾਂ ਦੇ ਡਾਕਟਰ ਵੀ ਉਨ੍ਹਾਂ ਦੀ ਜਾਂਚ ਕਰ ਰਹੇ ਹਨ।
ਬੁੱਧਵਾਰ ਨੂੰ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਤਲਬ ਕਰ ਲਈਆਂ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੀ ਰਾਏ ਲਵੇਗੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪਹਿਲਾਂ ਡੱਲੇਵਾਲ ਦੀ ਹਾਲਤ ‘ਚ ਸੁਧਾਰ ਦੀ ਗੱਲ ਕੀਤੀ ਸੀ ਪਰ ਜਦੋਂ ਸੁਪਰੀਮ ਕੋਰਟ ਨੇ ਇਸ ਬਾਰੇ ਪੁੱਛਿਆ ਤਾਂ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।
ਵੀਡੀਓ ਲਈ ਕਲਿੱਕ ਕਰੋ -: