Big statement of Bibi Jagir : ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਕਿਸਾਨ ਪੰਜਾਬ ਸੂਬੇ ਦੇ ਹਨ। ਇੱਕ ਪਾਸੇ ਜਿਥੇ ਕਿਸਾਨਾਂ ਵੱਲੋਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਨਿਯੁਕਤ ਕੀਤੀ ਗਈ ਪ੍ਰਧਾਨ ਬੀਬੀ ਜਗੀਰ ਕੌਰ ਦਾ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਕਿਸਾਨ ਯੂਨੀਅਨਾਂ ਅਸੀਂ ਹੀ ਅੱਗੇ ਕੀਤੀਆਂ ਹਨ ਅਤੇ ਸਾਡੇ ਹੀ ਵਰਕਰ ਮੁਲਾਜ਼ਮ ਅਤੇ ਐਮਐਲਏ ਪਿੰਡਾਂ ਵਿਚੋਂ ਸਾਮਾਨ ਇਕੱਠਾ ਕਰ ਕੇ ਲੈ ਕੇ ਜਾ ਰਹੇ ਹਨ ਜਦੋਂ ਕਿ ਪੰਜਾਬ ਸਰਕਾਰ ਅੱਗੇ ਹੋ ਕੇ ਕਿਸਾਨਾਂ ਦੀ ਲੜਾਈ ਨਹੀਂ ਲੜ ਰਹੀ ।
ਕਿਸਾਨਾਂ ਦੇ ਇਸ ਸੰਘਰਸ਼ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਏਪੀਐਮਸੀ ਲਾਗੂ ਕਰ ਦਿੰਦੀ ਤਾਂ ਅੱਜ ਕਿਸਾਨ ਨੂੰ ਦਿੱਲੀ ਵਿੱਚ ਧਰਨੇ ਨਾ ਲਗਾਉਣੇ ਪੈਂਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਖੇਤੀ ਕਾਨੂੰਨ ਪਾਸ ਕਰਕੇ ਪੰਜਾਬੀਆਂ ਦੀ ਪੱਗ ਨੂੰ ਹੱਥ ਪਾਇਆ ਹੈ, ਜੋਕਿ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨਾਂ ਨੂੰ ਹੀ ਨਹੀਂ ਸਗੋਂ ਦੇਸ਼ ਦੇ ਹਰ ਵਰਗ ਨੂੰ ਪ੍ਰਭਾਵਿਤ ਕਰਨਗੇ ਕਿਉਂਕਿ ਸਮਾਜ ਦਾ ਹਰ ਵਰਗ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਿਸਾਨੀ ਨਾਲ ਜੁੜਿਆ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਅੱਜ 16ਵਾਂ ਦਿਨ ਹੈ। ਉਥੇ ਹੀ ਕੜਾਕੇ ਦੀ ਪੈ ਰਹੀ ਠੰਡ ਦੌਰਾਨ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੀ ਰਾਤ ਵੀ ਦਿੱਲੀ ਸਰਹੱਦ ‘ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਉਧਰ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਪਰ ਉਹ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਉਥੇ ਹੀ ਕਿਸਾਨਾਂ ਦਾ ਕਹਿਣਾ ਦਾ ਕਹਿਣਾ ਹੈ ਕਿ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਕਿਸਾਨਾਂ ਵੱਲੋਂ ਹੁਣ ਭਾਰਤ ਵਿੱਚ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਉਹ ਪੂਰੇ ਭਾਰਤ ਦੇ ਰੇਲਵੇ ਟਰੈਕ ਬਲਾਕ ਕਰਨਗੇ। ਪੂਰੇ ਦੇਸ਼ ਤੋਂ ਦਿੱਲੀ ਬਾਰਡਰ ‘ਤੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਲਗਾਤਾਰ ਸ਼ਾਮਲ ਹੋ ਰਹੇ ਹਨ।