ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਨੇਤਾ ਹਰਿੰਦਰ ਸਿੰਘ ਕਾਹਲੋਂ ਨੂੰ ਇੱਕ ਸਮਾਰੋਹ ਵਿੱਚ ਕਿਸਾਨਾਂ ਦੇ ਖਿਲਾਫ ਬਿਆਨ ਤੋਂ ਦੇਰ ਰਾਤ ਕਿਸਾਨਾਂ ਵੱਲੋਂ ਉਸਦੇ ਘਰ ਦੀਆਂ ਕੰਧਾਂ ਤੇ ਛੱਤਾਂ ‘ਤੇ ਗੋਹਾ ਮਲਿਆ ਗਿਆ। ਹਾਲਾਂਕਿ ਇਹ ਬਿਆਨ ਕਾਹਲੋਂ ਨੇ ਦੋ ਦਿਨ ਪਹਿਲਾਂ ਦਿੱਤਾ ਸੀ, ਪਰ ਬੁੱਧਵਾਰ ਨੂੰ ਕਿਸਾਨ ਸੰਗਠਨਾਂ ਨੇ ਜਲੰਧਰ ਦੇ ਦਕੋਹਾ ਸਥਿਤ ਕਾਹਲੋਂ ਦੀ ਰਿਹਾਇਸ਼ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਕੀਤੀ।
ਦੋਆਬਾ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਇੱਥੇ ਪਹੁੰਚੇ ਕਿਸਾਨਾਂ ਨੇ ਭਾਜਪਾ ਆਗੂ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਬਾਰੇ ਪਤਾ ਲੱਗਦਿਆਂ ਹੀ ਕਾਹਲੋਂ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਾਹਲੋਂ ਨੇ ਕਿਸਾਨਾਂ ਨੂੰ ਡੰਡਿਆਂ ਨਾਲ ਕੁੱਟ ਕੇ ਜੇਲ੍ਹ ਵਿੱਚ ਡੱਕਣ ਦਾ ਝੂਠਾ ਬਿਆਨ ਦਿੱਤਾ ਸੀ, ਜਿਸ ਲਈ ਉਨ੍ਹਾਂ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਹਲੋਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ।