BJP state executive member : ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਸਰਹੱਦ ’ਤੇ ਡਟੇ ਹੋਏ ਹਨ ਪਰ ਭਾਜਪਾ ਵਾਲੀ ਕੇਂਦਰ ਸਰਕਾਰ ਅਜੇ ਤੱਕ ਕਾਨੂੰਨ ਰੱਦ ਨਾ ਕਰਨ ਦੇ ਫੈਸਲੇ ’ਤੇ ਅੜੀ ਹੋਈ ਹੈ। ਕੜਾਕੇ ਦੀ ਠੰਡ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀਆਂ ਜਾਨਾਂ ਜਾ ਰਹੀਆਂ ਹਨ। ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਕਾਰਨ ਭਾਜਪਾ ਦੇ ਕਈ ਆਗੂ ਪਾਰਟੀ ਛੱਡ ਰਹੇ ਹਨ। ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਕਿਸ਼ਨ ਸਿੰਘ ਨੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕਿਸਾਨ ਸੰਘਰਸ਼ ਦੇ ਸਮਰਥਨ ਵਿੱਚ ਭਾਜਪਾ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਕਿਸ਼ਨ ਸਿੰਘ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਭੇਜਿਆ ਹੈ। ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਭਾਜਪਾ ਸਰਕਾਰ ਦੀ ਨਿੰਦਾ ਕਰਦੇ ਹੋਏ ਲਿਖ਼ਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਨ ਸੀ ਕਿ ਉਹ ਭਾਜਪਾ ਜਿਹੀ ਇਕ ਅਜਿਹੀ ਪਾਰਟੀ ਨਾਲ ਜੁੜੇ ਸਨ ਜਿਸਨੇ ਸ੍ਰੀ ਅਟਲ ਬਿਹਾਰੀ ਵਾਜਪਾਈ ਵਰਗੀਆਂ ਸ਼ਖਸ਼ੀਅਤਾਂ ਦੇਸ਼ ਨੂੰ ਦਿੱਤੀਆਂ ਪਰ ਮੌਜੂਦਾ ਸਰਕਾਰ ਦੇ ਤਾਨਾਸ਼ਾਹੀ ਵਾਲੇ ਵਤੀਰੇ ਨੂੰ ਦੇਖ ਕੇ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ’ਤੇ ਆਪਣਏ ਅਸਤੀਫੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਉਹ ਇਕ ਕਿਸਾਨ ਦੇ ਬੇਟੇ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਸ਼ਨੀਵਾਰ ਨੂੰ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹਰਿੰਦਰ ਸਿੰਘ ਖਾਲਸਾ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਸਰਕਾਰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ। ਹਰਿੰਦਰ ਸਿੰਘ ਖਾਲਸਾ ਨੇ 2014 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ। ਉਨ੍ਹਾਂ ਨੂੰ ਇਸ ਚੋਣ ਵਿੱਚ ਜਿੱਤ ਮਿਲੀ ਸੀ। ਪਰ ਇਸ ਤੋਂ ਬਾਅਦ ਉਨ੍ਹਾਂ ਨੇ AAP ਪਾਰਟੀ ਛੱਡ ਦਿੱਤੀ ਸੀ, ਅਤੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਨੇਤਾ ਅਰੁਣ ਜੇਤਲੀ ਦੀ ਮੌਜੂਦਗੀ ਵਿੱਚ ਹਰਿੰਦਰ ਸਿੰਘ ਖਾਲਸਾ ਨੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।