ਗੁਜਰਾਤ ਵਿੱਚ ਜਲਦ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਗੁਜਰਾਤ ਦੌਰ ‘ਤੇ ਹਨ। ਇਸ ਦੌਰਾਨ CM ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਲ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਸਾਫ਼ ਕਰੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚੋਂ ਕਮਲ ਦਾ ਸਫਾਇਆ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ।
ਇੱਕ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਮਗਰੋਂ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ ਬਾਹਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ‘ਚ ਕਾਂਗਰਸ ਪਹਿਲਾਂ ਹੀ ਵੈਂਟੀਲੇਟਰ ‘ਤੇ ਹੈ ਅਤੇ ਮੁੱਖ ਮੁਕਾਬਲਾ ‘ਆਪ’ ਅਤੇ ਭਾਜਪਾ ਵਿਚਾਲੇ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜ਼ਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਬੇਅਸਰ, ਜ਼ਾਲਮ ਅਤੇ ਭ੍ਰਿਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ ਸਗੋਂ ਲੋਕ ਸਿਸਟਮ ਵਿੱਚ ਬਦਲਾਅ ਦਾ ਸਮਰਥਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਕਈ ਕੁਦਰਤੀ ਸਰੋਤਾਂ ਦੀ ਬਖਸ਼ਿਸ਼ ਹੈ। ਹਾਲਾਂਕਿ, ਉਨ੍ਹਾਂ ਨੇ ਅਫਸੋਸ ਜਤਾਇਆ ਕਿ ਨੇਤਾਵਾਂ ਨੇ ਆਪਣੇ ਭ੍ਰਿਸ਼ਟ ਕੰਮਾਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨ੍ਹਾਂ ਭ੍ਰਿਸ਼ਟ ਆਗੂਆਂ ਨੂੰ ਬਾਹਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਦੀ ਮੌਜੂਦਗੀ ਵਾਲੇ ਏਅਰਸ਼ੋਅ ‘ਚ ਨਹੀਂ ਪਹੁੰਚੇ CM ਮਾਨ, ਗਵਰਨਰ ਨੇ ਚੁੱਕੇ ਸਵਾਲ
ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰ ਬਿਲਿੰਗ ਚੱਕਰ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ, ਪਿਛਲੇ ਛੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ 17 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: