Cabinet Approves Recruitment : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਬੁੱਧਵਾਰ ਨੂੰ ਪੰਜਾਬ ਪੁਲਿਸ ਸਿਵਲੀਅਨ ਸੇਵਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਉੱਚ ਤਕਨੀਕੀ ਜਾਂਚ ਪੜਤਾਲ ਦੇ ਕੰਮਾਂ ਲਈ ਸਿਵਲੀਅਨ ਕਾਰਜ-ਖੇਤਰ ਨਾਲ ਜੁੜੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਵਾਲੀ ਦੇਸ਼ ਦੀ ਪਹਿਲੀ ਪੁਲੀਸ ਹੋਣ ਦਾ ਰਾਹ ਪੱਧਰਾ ਹੋਵੇਗਾ। ਇਹ ਸਿਵਲੀਅਨ ਮਾਹਿਰ ਆਈ.ਟੀ./ਡਿਜੀਟਲ, ਕਾਨੂੰਨੀ, ਫੋਰੈਂਸਿਕ ਅਤੇ ਵਿੱਤੀ ਖੇਤਰਾਂ ਵਿੱਚ ਜਾਂਚ ਪੜਤਾਲ ਦੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਤੇਜ਼ੀ ਲਿਆਉਣ ‘ਚ ਸਹਾਈ ਹੋਣਗੇ। ਪੰਜਾਬ ਇਨਵੈਸਟੀਗੇਸ਼ਨ ਬਿਊਰੋ ਲਈ ਸਾਦੇ ਕੱਪੜਿਆਂ ਵਾਲੇ ਸਿਵਲੀਅਨ ਸਹਾਇਕ ਸਟਾਫ ਵਜੋਂ 798 ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ ਜੋ ਕਿ ਵੱਖੋ-ਵੱਖਰੇ ਰੈਂਕ ਵਿੱਚ ਕੀਤੀ ਜਾਣ ਵਾਲੀ ਕੁੱਲ 4251 ਮੁਲਾਜ਼ਮਾਂ ਦੀ ਭਰਤੀ ਦਾ ਹਿੱਸਾ ਹੋਵੇਗੀ ਜਿਸ ਨਾਲ ਜਾਂਚ ਪੜਤਾਲ ਦੇ ਕੰਮਾਂ ਦਾ ਅਹਿਮ ਤਕਨੀਕੀ ਪੱਖ ਮਜ਼ਬੂਤ ਹੋਵੇਗਾ। ਇਹ ਭਰਤੀ ਪੰਜਾਬ ਪੁਲੀਸ ਵਿਭਾਗ ਦੇ ਪੁਨਰ ਗਠਨ ਦਾ ਹਿੱਸਾ ਹੋਵੇਗੀ।
ਦੱਸਣਯੋਗ ਹੈ ਕਿ ਸੂਬੇ ਦੇ ਖਜ਼ਾਨੇ ’ਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਇਸ ਪੁਨਰਗਠਨ ਵਿਚ ਮੌਜੂਦਾ 4849 ਅਸਾਮੀਆਂ ਖ਼ਤਮ ਕੀਤੀਆਂ ਜਾਣਗੀਆਂ ਅਤੇ ਇਸ ਵਿੱਚ ਬਿਊਰੋ ਵੱਲੋਂ ਸਬ-ਇੰਸਪੈਕਟਰਾਂ/ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਰੈਂਕ ਵਿੱਚ ਸਿੱਧੀ ਭਰਤੀ ਕੀਤੀ ਜਾਵੇਗੀ। ਸਾਈਬਰ ਤੇ ਆਰਥਿਕ ਅਪਰਾਧਾਂ ਦੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਆਰਜ਼ੀ ਯੋਜਨਾ ਵਜੋਂ 1481 ਪੁਲੀਸ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 297 ਐਸ.ਆਈ., 811 ਹੈੱਡ ਕਾਂਸਟੇਬਲ ਅਤੇ 373 ਕਾਂਸਟੇਬਲ ਸ਼ਾਮਲ ਹਨ। ਇਸ ਨਾਲ ਨਸ਼ਾ ਸਮੱਗਲਰਾਂ ਅਤੇ ਸਪਲਾਇਰਾਂ ਖਿਲਾਫ਼ ਐਨ.ਡੀ.ਪੀ.ਐਸ. ਮਾਮਲਿਆਂ ਤਹਿਤ ਚੱਲ ਰਹੀ ਜਾਂਚ ਪ੍ਰਕਿਰਿਆ ਵਿੱਚ ਵੀ ਸੁਧਾਰ ਆਉਣ ਦੇ ਨਾਲ ਕਾਨੂੰਨ, ਫੋਰੈਂਸਿਕ, ਕਾਮਰਸ ਅਤੇ ਹੋਰ ਖੇਤਰਾਂ ਵਿੱਚ ਗ੍ਰੈਜੂਏਸ਼ਨ ਕਰ ਚੁੱਕੇ ਨੌਜਵਾਨਾਂ ਦੀ ਭਰਤੀ ਨਾਲ ਪੰਜਾਬ ਦੀ ਪੜ੍ਹੀ-ਲਿਖੀ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਨਾਲ ਹੀ ਪੰਜਾਬ ਪੁਲਿਸ ਵਿੱਚ ਆਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲੇਗਾ।
ਇਹ ਭਰਤੀ ਪ੍ਰਕਿਰਿਆ ਪੁਲੀਸ ਭਰਤੀ ਬੋਰਡ ਰਾਹੀਂ ਨੇਪਰੇ ਚੜ੍ਹਾਈ ਜਾਵੇਗੀ। ਇਸ ਨਾਲ ਮਿਨੀਸਟੀਰੀਅਲ ਸਟਾਫ਼ ਦੀਆਂ 159 ਅਸਾਮੀਆਂ (100 ਫੀਸਦੀ) ਪੁਰ ਕਰਨ ਵਿੱਚ ਮਦਦ ਮਿਲੇਗੀ ਅਤੇ ਸਿਵਲੀਅਨ ਸਹਾਇਕ ਸਟਾਫ਼ ਦੀਆਂ 798 ਅਸਾਮੀਆਂ ਭਰਨ ਵਿੱਚ ਵੀ ਮਦਦ ਮਿਲੇਗੀ। ਸੁਬਾਰਡੀਨੇਟ ਰੈਂਕਾਂ (ਇੰਸਪੈਕਟਰ ਤੋਂ ਕਾਂਸਟੇਬਲ) ਦੀਆਂ ਬਾਕੀ ਬਚਦੀਆਂ 1947 ਅਸਾਮੀਆਂ ਨੂੰ ਆਰੰਭਿਕ ਤੌਰ ‘ਤੇ ਪੰਜਾਬ ਪੁਲੀਸ ਤੋਂ ਡੈਪੂਟੇਸ਼ਨ ਅਤੇ ਉਸ ਤੋਂ ਬਾਅਦ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਰੈਂਕਾਂ ਤੋਂ ਤਰੱਕੀ ਰਾਹੀਂ ਭਰਿਆ ਜਾਵੇਗਾ। ਕੈਬਨਿਟ ਵੱਲੋਂ ‘ਦ ਪੰਜਾਬ ਪੁਲੀਸ ਇਨਵੈਸਟੀਗੇਸ਼ਨ ਕਾਡਰ ਸੁਬਾਰਡੀਨੇਟ ਰੈਂਕਸ (ਅਪੁਆਇੰਟਮੈਂਟ ਐਂਡ ਕੰਡੀਸ਼ਨਜ਼ ਆਫ ਸਰਵਿਸ) ਰੂਲਜ਼, 2020’ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਨਾਲ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਕਾਡਰ ਦੇ ਸੁਬਾਰਡੀਨੇਟ ਰੈਂਕਾਂ (ਕਾਂਸਟੇਬਲ ਤੋਂ ਇੰਸਪੈਕਟਰ) ਦੀਆਂ ਸੇਵਾ ਸ਼ਰਤਾਂ ਅਤੇ ਭਰਤੀ/ਨਿਯੁਕਤੀ ਕੀਤੀ ਜਾਵੇਗੀ।