ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਲਗਾਤਾਰ ਹਮਲਿਆਂ ਅਤੇ ਵਿਧਾਇਕ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਆਪਣੀ ਹੀ ਪਾਰਟੀ ਵਿੱਚ ਕੀਤੀ ਜਾ ਰਹੀ ਅਲੋਚਨਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪਾਰਟੀ ਹਾਈਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ।
ਪਤਾ ਲੱਗਿਆ ਹੈ ਕਿ ਇਸ ਮੁਲਾਕਾਤ ਦੌਰਾਨ ਤਿੰਨ ਮੈਂਬਰੀ ਕਮੇਟੀ ਨੇ ਮੁੱਖ ਮੰਤਰੀ ਨਾਲ ਪੰਜਾਬ ਦੀ ਰਾਜਨੀਤਿਕ ਸਥਿਤੀ, ਆਉਣ ਵਾਲੀਆਂ ਚੋਣਾਂ ਬਾਰੇ ਕਾਂਗਰਸ ਪਾਰਟੀ ਦੀ ਸਥਿਤੀ ਅਤੇ ਨਵਜੋਤ ਸਿੰਘ ਸਿੱਧੂ ਕਾਂਡ ਬਾਰੇ ਵਿਚਾਰ ਵਟਾਂਦਰੇ ਕੀਤੇ। ਕਮੇਟੀ ਨੇ ਬਹੁਤੇ ਮੁੱਦਿਆਂ ਦੇ ਹੱਲ ਲੱਭਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਨੂੰ ਸੌਂਪੀ ਹੈ।
ਇਸ ਦੇ ਨਾਲ ਹੀ ਕੈਪਟਨ 2019 ਤੱਕ ਕੈਬਨਿਟ ਮੰਤਰ ਰਹੇ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਨੂੰ ਲੈ ਕੇ ਕਾਫੀ ਨਾਰਾਜ਼ ਨਜ਼ਰ ਆਏ। ਸੀਐਮ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਵਿੱਚ ਘਮਾਸਾਨ ਲਈ ਸਿੱਧੂ ਜ਼ਿੰਮੇਵਾਰ ਹੈ। ਉਨ੍ਹਾਂ ਆਪਣੇ ਪੱਧਰ ’ਤੇ ਸਿੱਧੂ ਦੇ ਨਾਲ ਰਿਸ਼ਤ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਸਿੱਧੂ ਖੁਦ ਸਾਰੇ ਦਰਵਾਜ਼ੇ ਕਰਨ ‘ਤੇ ਲੱਗੇ ਹੋਏ ਹਨ।
ਕੈਪਟਨ ਨੇ ਤਿੰਨ ਮੈਂਬਰੀ ਕਮੇਟੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਕੀਮਤ ‘ਤੇ ਸਿੱਧੂ ਨੂੰ ਉਪ ਮੁੱਖ ਮੰਤਰੀ ਨਹੀਂ ਬਣਾਉਣਗੇ। ਹਾਲਾਂਕਿ ਕਮੇਟੀ ਨੇ ਇਸ ਬੈਠਕ ਦੌਰਾਨ ਆਪਣੀ ਤਰਫੋਂ ਕੋਈ ਫੈਸਲਾ ਨਹੀਂ ਲਿਆ ਹੈ, ਪਰ ਸੂਬਾ ਕਾਂਗਰਸ ਦੇ ਵਿਵਾਦਾਂ ਨੂੰ ਜਲਦੀ ਹੱਲ ਕਰਨ ਦੇ ਹੋਰ ਸੰਭਾਵਿਤ ਤਰੀਕਿਆਂ ਨੂੰ ਲੱਭਣ ‘ਤੇ ਜ਼ੋਰ ਦਿੱਤਾ ਹੈ। ਇਸ ਦੌਰਾਨ ਮੰਗਲਵਾਰ ਨੂੰ ਮੁੱਖ ਮੰਤਰੀ ਨਾਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕਮੇਟੀ ਜਲਦੀ ਹੀ ਨਵਜੋਤ ਸਿੰਘ ਸਿੱਧੂ ਨੂੰ ਗੱਲਬਾਤ ਲਈ ਬੁਲਾਵੇਗੀ ਅਤੇ ਉਨ੍ਹਾਂ ਦਾ ਪੱਖ ਵੀ ਨਵੇਂ ਸਿਰੇ ਤੋਂ ਸੁਣਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ‘ਤੇ ਹੁਣ Green Fungus ਦਾ ਵੀ ਮੰਡਰਾਇਆ ਖਤਰਾ- ਜਲੰਧਰ ‘ਚ 3 ਦਿਨਾਂ ਦੌਰਾਨ ਮਿਲਿਆ ਦੂਜਾ ਮਾਮਲਾ
ਇਸ ਬੈਠਕ ਤੋਂ ਬਾਅਦ ਕਮੇਟੀ ਦੇ ਚੇਅਰਮੈਨ ਮਲਿੱਕਾਰਜੁਨ ਖੜਗੇ ਨੇ ਕਿਹਾ ਕਿ ਸਾਰਿਆਂ ਨੇ ਸਹਿਮਤੀ ਜਤਾਈ ਹੈ ਕਿ ਉਹ ਮਿਲ ਕੇ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਇਕਜੁਟ ਹੈ। ਦੂਜੇ ਪਾਸੇ ਕਮੇਟੀ ਮੈਂਬਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੀਟਿੰਗ ਵਿੱਚ ਹੋਏ ਵਿਚਾਰ-ਵਟਾਂਦਰੇ ਉੱਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਜਦਕਿ ਨਵਜੋਤ ਸਿੱਧੂ ਦੇ ਮੁੱਦੇ ’ਤੇ ਉਨ੍ਹਾਂ ਨੇ ਸਿਰਫ ਇਹ ਕਿਹਾ ਕਿ ਇਹ ਮਾਮਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।