Captain hands over responsibility : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸਿੱਖਿਆ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਤੋਂ ਕਾਫੀ ਨਾਰਾਜ਼ ਹਨ। ਇਨ੍ਹਾਂ ਦਾ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕੈਪਟਨ ਵਲੋਂ ਇਸ ਵਿਵਾਦ ਨੂੰ ਨਿਪਟਾਉਣ ਦੀ ਜਿੰਮੇਵਾਰੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤੀ ਗਈ ਹੈ। ਉਨ੍ਹਾਂ ਨੇ ਦੋਵਾਂ ਮੰਤਰੀਆਂ ਵਿਚ ਰਾਜੀਨਾਮਾ ਕਰਾਉਣ ਨੂੰ ਕਿਹਾ ਹੈ। ਦੋਵੇਂ ਮੰਤਰੀਆਂ ਦੇ ਆਪਸੀ ਵਿਵਾਦ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ। ਇਸ ਲਈ ਮੁੱਖ ਮੰਤਰੀ ਚਾਹੁੰਦੇ ਹਨ ਕਿ ਇਨ੍ਹਾਂ ਦੋਵਾਂ ਲੀਡਰਾਂ ਵਿਚਾਲੇ ਰਾਜੀਨਾਮਾ ਹੋ ਜਾਵੇ ਤਾਂ ਜੋ ਪਾਰਟੀ ਦਾ ਮਾਹੌਲ ਠੀਕ ਹੋ ਸਕੇ।
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਲਦੀ ਹੀ ਦੋਵਾਂ ਮੰਤਰੀਆਂ ਵਿਚਾਲੇ ਮੀਟਿੰਗ ਕਰਾ ਕੇ ਦੋਵੇਂ ਪੱਖਾਂ ਦੀ ਸੁਣਵਾਈ ਹੋਵੇਗੀ ਤੇ ਇਸ ਵਿਵਾਦ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਉਨ੍ਹਾਂ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਲਿਤ ਹੋਣ ਕਾਰਨ ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ। ਜਦਕਿ ਦੂਜੇ ਪਾਸੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਿਰਾਧਾਰ ਦੱਸਿਆ ਹੈ। ਚੰਨੀ ਦਾ ਕਹਿਣਾ ਹੈ ਕਿ ਬਾਜਵਾ ਨੇ ਕਿਹਾ ਕਿ ਚੀਫ ਸੈਕਟਰੀ ਨਾਲ ਵਿਵਾਦ ਕਰਨਾ ਉਨ੍ਹਾਂ ਨੂੰ ਮਹਿੰਗਾ ਪੈ ਸਕਦਾ ਹੈ ਤੇ ਇਸ ਨਾਲ ਪ੍ਰਦੇਸ਼ ਦੀ ਆਈ. ਏ. ਐੱਸ. ਲਾਬੀ ਖਿਲਾਫ ਹੋ ਜਾਵੇਗੀ। ਇਸ ‘ਤੇ ਚੰਨੀ ਨੇ ਕਿਹਾ ਕਿ ਜੇਕਰ ਕੋਈ ਪਰਚਾ ਦਰਜ ਕਰਵਾਉਣਾ ਚਾਹੁੰਦਾ ਹੈ ਤਾਂ ਕਰਵਾ ਦੇਣ ਕਿਉਂਕਿ ਉਹ ਦੱਬ ਕੇ ਕੰਮ ਨਹੀਂ ਕਰਨਗੇ। ਇਸ ਤੋਂ ਪਹਿਲਾਂ ਵੀ ਇਕ ਮਹਿਲਾ ਆਈ. ਏ. ਐੱਸ. ਵਲੋਂ ਇਲਜਾਮ ਲਗਾਇਆ ਗਿਆ ਸੀ ਕਿ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਇਤਰਾਜ਼ਯੋਗ ਮੈਸੇਜ ਭੇਜਿਆ ਹੈ। ਉਦੋਂ ਕੈਪਟਨ ਵਲੋਂ ਇਸ ਮਾਮਲੇ ਨੂੰ ਸੁਲਝਾਇਆ ਗਿਆ ਸੀ। ਦੂਜੇ ਪਾਸੇ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਗਲਤ ਦੋਸ਼ ਲਗਾਏ ਜਾ ਰਹੇ ਹਨ।