Captain made these big announcements : ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ਼ਾਦੀ ਦਿਹਾੜੇ ਮੌਕੇ ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਦੇ ਦੋ ਸਾਲਾਂ ਵਿੱਚ ਨੌਕਰੀਆਂ ਦੇਣ ਦਾ ਐਲਾਨ ਕੀਤਾ। ਜਿਨ੍ਹਾਂ ਵਿਚ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ।
ਇਸ ਮੌਕੇ ਭਾਸ਼ਣ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ’ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ। ਮੁੱਖ ਮੰਤਰੀ ਨੇ ਕਿਹਾ ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ ਅਤੇ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਕਿਹਾ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।