Captain releases Rs 55 : ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਅਤੇ ਨਾਲਿਆਂ ਦੀ ਸਫਾਈ ਲਈ 55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਕਰ ਲਏ ਜਾਣ। ਮੁੱਖ ਮੰਤਰੀ ਨੇ ਵੀਡੀਓ ਕਾਨਫਰਿਸੰਗ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਆਉਣ ਤੋਂ ਪਹਿਲਾਂ ਹੜ੍ਹਾਂ ‘ਤੇ ਕੰਟਰੋਲ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਕਰ ਦਿੱਤੇ ਹਨ ਅਤੇ ਇਸ ਲਈ ਉਨ੍ਹਾਂ ਨੇ 50 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਹੈ। ਲੌਕਡਾਊਨ ਕਾਰਨ ਪੰਜਾਬ ਨੂੰ ਆਰਥਿਤ ਸੰਕਟ ਨਾਲ ਜੂਝਣਾ ਪੈ ਰਿਹਾ ਹੈ ਪਰ ਫਿਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਆਉਣ ਵਾਲੀਆਂ ਸਾਰੀਆਂ ਪ੍ਰੇਸ਼ਾਨੀਆਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਆਉਂਦੇ ਸਮੇਂ ਵਿਚ ਪੰਜਾਬ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਕਰੋੜ ਦੀ ਰਾਸ਼ੀ ਜਲ ਸੋਮੇ ਵਿਭਾਗ ਨੂੰ ਵੀ ਵੰਡੀ ਤਾਂ ਜੋ 30 ਜੂਨ ਤੋਂ ਪਹਿਲਾਂ ਨਾਲਿਆਂ ‘ਚੋਂ ਗਾਰ ਨੂੰ ਕੱਢਿਆ ਜਾ ਸਕੇ ਅਤੇ ਹੜ੍ਹਾਂ ਨੂੰ ਕੰਟਰੋਲ ਕਰਨ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਜਾਣ। ਸੂਬੇ ਵਿਚ ਪਾਣੀ ਦੇ ਸੰਕਟ ਅਤੇ ਪਾਣੀ ਦੀ ਸਥਿਤੀ ਨੂੰ ਲੈ ਕੇ ਇਜਰਾਈਲ ਦੀ ਰਾਸ਼ਟਰੀ ਜਲ ਕੰਪਨੀ ਨਿਕੋਰੋਟ ਡਿਵੈਲਪਮੈਂਟ ਐਂਡ ਐਂਟਰਪ੍ਰਾਈਜਿਜ਼ ਲਿਮਟਿਡ ਵਲੋਂ ਜਾਰੀ ਕੀਤੀਆਂ ਗਈਆਂ ਰਿਪੋਰਟਾਂ ‘ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਜੁਲਾਈ ਦੇ ਸ਼ੁਰੂਆਤੀ ਦੌਰ ਵਿਚ ਹੀ ਹੜ੍ਹਾਂ ਨਾਲ ਸਬੰਧਤ ਹਰ ਮੁਸ਼ਕਲ ਨਾਲ ਨਜਿੱਠਣ ਲਈ ਸਾਰੇ ਡੀ. ਸੀ. ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਇਸ ਨਾਲ ਸਬੰਧਤ ਹਰ ਮੁਸ਼ਕਲ ਦਾ ਹੱਲ ਲਭਿਆ ਜਾ ਸਕੇ।