Captain spoke on Vij : ਚੰਡੀਗੜ੍ਹ : ਰਾਹੁਲ ਗਾਂਧੀ ਦੀ ਹਰਿਆਣਾ ਫੇਰੀ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਹੀਂ ਹੋਣ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਗਿਆ ਕਿ ਕਿਸੇ ਨੂੰ ਵੀ ਹਰਿਆਣਾ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ’ਤੇ ਮੁੱਖ ਮੰਤਰੀ ਨੇ ਅਨਿਲ ਵਿਜ ਨੂੰ ਕਰੜਾ ਜਵਾਬ ਦਿੰਦਿਆਂ ਕਿਹਾ ਕਿ ”ਕੀ ਹਰਿਆਣਾ ਵਿੱਚ ਜੰਗਲ ਰਾਜ ਹੈ ਜਿੱਥੇ ਤੁਸੀਂ ਕਿਸੇ ਨੂੰ ਵੀ ਰੋਕ ਸਕਦੇ ਹੋ, ਇਥੋਂ ਤੱਕ ਕਿ ਕੌਮੀ ਰਾਜਨੀਤਕ ਪਾਰਟੀ ਦੇ ਇਕ ਚੁਣੇ ਹੋਏ ਨੇਤਾ ਨੂੰ ਵੀ ਕਿਸਾਨਾਂ ਨਾਲ ਹੋਈ ਬੇਇਨਸਾਫੀ ਖਿਲਾਫ ਆਵਾਜ਼ ਚੁੱਕਣ ਲਈ ਸੂਬੇ ਵਿੱਚ ਦਾਖਲ ਹੋਣ ਤੋਂ ਰੋਕ ਸਕਦੇ ਹੋ।”
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਮੰਤਰੀ ਵਿੱਜ ਗੁੱਸੇ ਵਿੱਚ ਆਏ ਦੇਸ਼ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੀ ਧਮਕੀ ਦੇ ਰਹੇ ਹਨ ਪਰ ਇਸ ਨਾਲ ਨਾਲ ਕਾਂਗਰਸ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਹੋਰ ਹੌਸਲਾ ਮਿਲੇਗਾ। ਕੈਪਟਨ ਨੇ ਯੂ.ਪੀ. ਪੁਲਿਸ ਵੱਲੋਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ‘ਤੇ ਹਮਲਾ ਕਰਨ ਤੇ ਕੇਸ ਦਰਜ ਅਤੇ ਇਸ ਤੋਂ ਪਹਿਲਾਂ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਸਰਕਾਰ ਇਨ੍ਹਾਂ ਸੂਬਿਆਂ ਵਿੱਚ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਉਲੰਘਣਾ ਕਰਦੀ ਹੋਈ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ’ਤੇ ਤੁਲੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਜਾਂ ਸੂਬਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਅਜਿਹੇ ਦਮਨਕਾਰੀ ਅਤੇ ਗੈਰ-ਜਮਹੂਰੀ ਕਾਰਿਆਂ ਅੱਗੇ ਨਹੀਂ ਝੁਕੇਗੀ। ਉਨ੍ਹਾਂ ਦੀ ਪਾਰਟੀ ਹੁਣ ਭਾਜਪਾ ਨੂੰ ਅਸਹਿਮਤੀ ਦੀ ਆਵਾਜ਼ ਦੁਬਾਉਣ ਨਹੀਂ ਦੇਵੇਗੀ ਕਿਉਂ ਜੋ ਅਸਹਿਮਤੀ ਪ੍ਰਗਟਾਉਣਾ ਹਰੇਕ ਭਾਰਤੀ ਦਾ ਅਧਿਕਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਜੇਕਰ ਉਹ ਸੋਚਦੇ ਹਨ ਕਿ ਅਜਿਹੇ ਆਪਹੁਦਰੇਪਣ ਨਾਲ ਕਾਂਗਰਸ ਲੀਡਰਸ਼ਿਪ ਦੇ ਇਰਾਦਿਆਂ ਨੂੰ ਤੋੜ ਦੇਣਗੇ ਤਾਂ ਉਹ ਮੂਰਖਾਂ ਦੀ ਦੁਨੀਆਂ ਵਿੱਚ ਰਹਿ ਰਹੇ ਹਨ।” ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਵਿੱਜ ਦਾ ਬਿਆਨ ਆਪਹੁਦਰਾ ਨਹੀਂ ਸਗੋਂ ਭਾਜਪਾ ਵੱਲੋਂ ਵਿਰੋਧੀਆਂ ਨੂੰ ਖਤਮ ਕਰਨ ਲਈ ਘੜੀ ਗਈ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਅਤੇ ਦੱਬੇ-ਕੁਚਲੇ ਵਰਗਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਾਈ ਲੜਦੀ ਰਹੇਗੀ।