ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਵੱਡਾ ਫੈਸਲਾ ਲੈਂਦੇ ਹੋਏ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਮੇਟੀ ਤੋਂ 72 ਘੰਟਿਆਂ ਵਿੱਚ ਰਿਪੋਰਟ ਮੰਗੀ ਹੈ।
ਇਸ ਕਮੇਟੀ ਦਾ ਗਠਨ ਰੱਖਿਆ ਸਕੱਤਰ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਆਈਬੀ ਦੇ ਸੰਯੁਕਤ ਡਾਇਰੈਕਟਰ ਬਲਵੀਰ ਕੁਮਾਰ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੇ ਆਈਜੀ ਐਸ ਸੁਰੇਸ਼ ਕੁਮਾਰ ਵੀ ਇਸ ਕਮੇਟੀ ਵਿੱਚ ਸ਼ਾਮਲ ਹਨ।
ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ ਸੀ। ਪੰਜਾਬ ਸਰਕਾਰ ਨੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਆਪਣੀ ਕਮੇਟੀ ਵਿੱਚ ਰੱਖਿਆ ਹੈ। ਇਹ ਕਮੇਟੀ 3 ਦਿਨਾਂ ਵਿੱਚ ਆਪਣੀ ਰਿਪੋਰਟ ਵੀ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਦੇ ਨਾਲ ਹੀ ਪੀਐੱਮ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਤੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਇਸ ਮਾਮਲੇ ਵਿੱਚ ਪੁਲੀਸ ਦੀ ਅਣਗਹਿਲੀ ਸਬੰਧੀ ਸਾਰੇ ਸਬੂਤ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਚੀਫ਼ ਜਸਟਿਸ ਦੀ ਬੈਂਚ ਭਲਕੇ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ।
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ’ਚ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ’ਚ ਕੁਤਾਹੀ ਕਰ ਕੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ। ਸੁਰੱਖਿਆ ਕੁਤਾਹੀ ਤੋਂ ਬਾਅਦ ਇਹ ਮਾਮਲਾ ਭਖਦਾ ਹੀ ਜਾ ਰਿਹਾ ਹੈ।