Centre Government boosted cotton Bt seed : ਕੇਂਦਰ ਸਰਕਾਰ ਵੱਲੋਂ ਚੁੱਪ-ਚੁਪੀਤੇ ਨਰਮੇ ਦੇ ਬੀਟੀ ਬੀਜਾਂ ਦੇ ਮੁੱਲ ‘ਚ ਵਾਧਾ ਕਰ ਦਿੱਤਾ ਹੈ, ਜਿਸ ਦੀ ਪੰਜਾਬ ਦੇ ਕਿਸਾਨ ਆਗੂਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਨਰਮੇ ਦੇ ਬੀਟੀ ਵਿਚ 37 ਰੁਪਏ ਪ੍ਰਤੀ ਪੈਕੇਟ ਦਾ ਵਾਧਾ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਇਕ ਹੋਰ ਵੱਡਾ ਆਰਥਿਕ ਝਟਕਾ ਦਿੱਤਾ ਗਿਆ ਹੈ।
ਕਿਸਾਨਾਂ ਨੇ ਦੱਸਿਆ ਕਿ ਇਸ ਨਾਲ ਕਿਸਾਨਾਂ ’ਤੇ 14 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਹ ਪੈਕੇਟ 730 ਰੁਪਏ ਨਿਰਧਾਰਿਤ ਕੀਤਾ ਸੀ ਅਤੇ ਹੁਣ 767 ਰੁਪਏ ਵਾਲੇ ਪੈਕੇਟਾਂ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਮਾਲਵਾ ਪੱਟੀ ਦੇ ਕਿਸਾਨ ਪ੍ਰਭਾਵਿਤ ਹੋਣਗੇ। ਜਿਸ ਵਿਚ ਬਠਿੰਡਾ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਫ਼ਰੀਦਕੋਟ, ਮੋਗਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ ਹਨ। ਇਸ ਸੰਬੰਧੀ ਖੇਤੀ ਮੰਤਰਾਲੇ ਵੱਲੋਂ ਕਾਟਨ ਸੀਡ ਪ੍ਰਾਈਸ (ਕੰਟਰੋਲ) ਆਰਡਰ 2015 ਤਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਖੇਤੀ ਮਾਹਰਾਂ ਮੁਤਾਬਕ ਇਸ ਵਾਧੇ ਨਾਲ ਹੁਣ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਲਈ ਬੀਟੀ ਬੀਜ ’ਤੇ 3835 ਰੁਪਏ ਖਰਚਣੇ ਪੈਣਗੇ। ਦੱਸਣਯੋਗ ਹੈ ਕਿ ਇਸ ਨਾਲ ਹਰਿਆਣਾ ਦੇ ਕਿਸਾਨਾਂ ’ਤੇ 13.61 ਕਰੋੜ ਰੁਪਏ ਦਾ ਮਾਲੀ ਬੋਝ ਪਏਗਾ।