ਖੇਤੀਬਾੜੀ ਕਾਨੂੰਨਾਂ ਖ਼ਿਲਾਫ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ‘ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਅਕਾਲੀ ਦਲ ਵੱਲੋਂ ਨਿੰਦਾ ਕੀਤੀ ਗਈ ਹੈ।
ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਤੋਂ ਹਜ਼ਾਰਾਂ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਚੰਡੀਗੜ੍ਹ ਪੁੱਜੇ ਸਨ ਪਰ ਉਥੇ ਉਨ੍ਹਾਂ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਬਹੁਤ ਹੀ ਮਾੜਾ ਵਤੀਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਹੌਲੀ-ਹੌਲੀ ਖਤਮ ਹੁੰਦਾ ਜਾ ਰਿਹਾ ਹੈ। ਆਪਣੀ ਹੱਕੀ ਮੰਗਾਂ ਲੜ ਰਹੇ ਕਿਸਾਨਾਂ ‘ਤੇ ਕੇਸ ਦਰਜ ਕੀਤੇ ਜਾ ਰਹੇ ਹਨ, ਜੋ ਕਿ ਸਰਾਸਰ ਗਲਤ ਹੈ।
ਦਲਜੀਤ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਨੂੰ ਇਹ ਕੇਸ ਜਲਦ ਤੋਂ ਜਲਦ ਵਾਪਸ ਲੈਣੇ ਚਾਹੀਦੇ ਹਨ ਤੇ ਅਜਿਹੇ ਹਾਦਸੇ ਵਾਪਰਨ ਤੋਂ ਪ੍ਰਸ਼ਾਸਨ ਨੂੰ ਹਮੇਸ਼ਾ ਗੁਰੇਜ਼ ਕਰਨਾ ਚਾਹੀਦਾ ਹੈ। ਚੀਮਾ ਦਾ ਕਹਿਣਾ ਹੈ ਕਿ ਕਿਸਾਨ ਨੂੰ ਹਰ ਤਰਫੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਝੋਨੇ ਲਗਾਉਣ ਲਈ ਉਨ੍ਹਾਂ ਨੂੰ 8 ਘੰਟੇ ਬਿਜਲੀ ਨਹੀਂ ਦਿੱਤੀ ਜਾ ਰਹੀ। ਮਹਿੰਗਾ ਡੀਜ਼ਲ ਫੂਕ ਕੇ ਉਸ ਨੂੰ ਆਪਣੀ ਫਸਲ ਪਾਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਭ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਸਕੇ।
ਇਹ ਵੀ ਪੜ੍ਹੋ : PUNBUS ਤੇ PRTC ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਦਾ ਐਲਾਨ
ਪਿਛਲੇ ਸਾਲ ਸਤੰਬਰ ਵਿੱਚ, ਕੇਂਦਰ ਸਰਕਾਰ ਨੇ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਨੂੰਨ ਲਾਗੂ ਕੀਤੇ ਸਨ। ਇਨ੍ਹਾਂ ਤਿੰਨਾਂ ਕਾਨੂੰਨਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਨੂੰ 7 ਮਹੀਨੇ ਪੂਰੇ ਹੋਏ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਵਾਰ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਚਾਹੁੰਦੇ ਹਨ ਕਿ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਰੱਦ ਕਰੇ ਅਤੇ ਐਮਐਸਪੀ ਉੱਤੇ ਗਰੰਟੀ ਦਾ ਕਾਨੂੰਨ ਬਣਾਏ। ਪਰ ਸਰਕਾਰ ਕਹਿੰਦੀ ਹੈ ਕਿ ਉਹ ਕਾਨੂੰਨਾਂ ਨੂੰ ਵਾਪਿਸ ਨਹੀਂ ਲੈ ਸਕਦੀ। ਜੇ ਕਿਸਾਨ ਚਾਹੁੰਦੇ ਹਨ, ਤਾਂ ਉਨ੍ਹਾਂ ਦੇ ਅਨੁਸਾਰ ਸੋਧਾਂ ਕੀਤੀਆਂ ਜਾ ਸਕਦੀਆਂ ਹਨ।