Chandumajra complains to cyber cell : ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਝੂਠੇ ਤੇ ਗੁੰਮਰਾਹਕੁੰਨ ਬਿਆਨ ਖਬਰਾਂ ਬਣਾ ਕੇ ਪਾਏ ਜਾਣ ਤੋਂ ਪ੍ਰੇਸ਼ਾਨ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹੁਣ ਇਸ ਸਬੰਧੀ ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ, ਤਾਂ ਜੋ ਇਨ੍ਹਾਂ ਅਨਸਰਾਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਖਰੇ ਤੌਰ ‘ਤੇ ਪੱਤਰ ਲਿਖ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਇਸ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਅਜਿਹੇ ਬਿਆਨ ਨਹੀਂ ਦਿੱਤੇ। ਚੰਦੂਮਾਜਰਾ ਨੇ ਇਨ੍ਹਾਂ ਝੂਠੇ ਬਿਆਨਾਂ/ ਖਬਰਾਂ ਨੂੰ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਲਈ ਵਿਰੋਧੀਆਂ ਵੱਲੋਂ ਚਲਾਈ ਜਾ ਰਹੀ ਇਕ ਮੁਹਿੰਮ ਦੱਸਿਆ।
ਅਕਾਲੀ ਦਲ ਦੇ ਆਗੂ ਨੇ ਮੁੱਖ ਮੰਤਰੀ ਨੂੰ ਇਸ ਬਾਰੇ ਪੱਤਰ ਲਖਿਦਿਆਂ ਤੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਕਾਰਨ ਸਿਆਸੀ ਸ਼ਖਸੀਅਤਾਂ ਵੀ ਪ੍ਰਭਾਵਤ ਹੋ ਰਹੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੇ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਝੂਠੀਆਂ ਖਬਰਾਂ ਬਣਾ ਕੇ ਵਟਸਐਪ ਤੇ ਹੋਰ ਸੋਸ਼ਲ ਮੀਡੀਆ ‘ਤੇ ਪਾਉਣ ਵਾਲੇ ਅਨਸਰਾਂ ਖਿਲਾਫ ਵੀ ਠੋਸ ਕਾਰਵਾਈ ਕਰਨ ਦੀ ਵੀ ਮੁੱਖ ਮੰਤਰੀ ਨੂੰ ਬੇਨਤੀ ਕੀਤੀ।
ਪ੍ਰੋ. ਚੰਦੂਮਾਜਰਾ ਨੇ ਇਕ ਬਿਆਨ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਡੇਰਾ ਸਿਰਸਾ ਦੇ ਮੁਖੀ ਵੱਲੋਂ ਦਸਵੇਂ ਗੁਰੂ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰੂਪ ਦਾ ਸਵਾਂਗ ਰਚਾਉਣ ਦੇ ਮਾਮਲੇ ਵਿਚ ਉਸਦੇ ਖਿਲਾਫ ਬੋਲਣ ਵਾਲੇ ਪਹਿਲੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਇਸ ਇਸ ਤਰ੍ਹਾਂ ਦੀ ਝੂਠੀ ਤੇ ਬੇਬੁਨਿਆਦ ਖਬਰ ਸਿੱਖ ਜਗਤ ਵਿਚ ਉਹਨਾਂ ਦੀ ਬਦਨਾਮੀ ਕਰਨ ਲਈ ਹੀ ਫੈਲਾਈ ਜਾ ਰਹੀ ਹੈ। ਉਹਨਾਂ ਅਜਿਹੀਆਂ ਝੂਠੀਆਂ ਖਬਰਾਂ ਫੈਲਾਉਣ ਵਾਲੇ ਅਨਸਰਾਂ ਖਿਲਾਫ ਤੁਰੰਤ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।