ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ । ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਕੀਤੀ ਗਈ ਹੈ। ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਹਾਲਾਂਕਿ ਚੰਨੀ ਨੇ ਕਿਹਾ ਹੈ ਕਿ ਉਹ ਕਿਸੇ ਅਹੁਦੇ ਦੀ ਦੌੜ ਵਿੱਚ ਨਹੀਂ ਹਨ ਤੇ ਨਾ ਹੀ ਉਨ੍ਹਾਂ ਨੂੰ ਕੋਈ ਅਹੁਦਾ ਚਾਹੀਦਾ ਹੈ। ਉਹ ਹਮੇਸ਼ਾਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ।
ਉੱਥੇ ਹੀ ਜਦੋਂ ਚਰਨਜੀਤ ਚੰਨੀ ਤੋਂ ਪੰਜਾਬ ਵਿੱਚ ਹੋ ਰਹੇ ਕਤਲਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਤੇ ਉਨ੍ਹਾਂ ਨੂੰ ਪੰਜਾਬ ਵਿੱਚ ਬਦਲਾਅ ਮਿਲ ਗਿਆ ਹੈ। ਹੁਣ ਪੰਜਾਬ ਦੀ ਨਵੀਂ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਦੱਸ ਦੇਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਚੰਨੀ ਨੂੰ CM ਐਲਾਨ ਕੇ ਉਨ੍ਹਾਂ ‘ਤੇ ਦਾਅ ਖੇਡਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਤੋਂ ਬਾਅਦ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਸੀ। ਕਾਂਗਰਸ ਹਾਈਕਮਾਨ ਵੱਲੋਂ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੂੰ ਦਰਕਿਨਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਚੰਨੀ ਨੇ 111 ਦਿਨ ਦੇ ਕਾਰਜਕਾਲ ‘ਤੇ ਚੋਣਾਂ ਲੜੀਆਂ ਸਨ। ਇਸ ਦੇ ਬਾਵਜੂਦ ਕਾਂਗਰਸ ਪਾਰਟੀ ਪੰਜਾਬ ਵਿੱਚ 18 ਸੀਟਾਂ ਹੀ ਹਾਸਿਲ ਕਰ ਸਕੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”