Chief Minister told Mamta Banerjee : ਚੰਡੀਗੜ੍ਹ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਹਾਵੜਾ ਵਿੱਚ ਪ੍ਰਦਰਸ਼ਨ ਦੌਰਾਨ ਇੱਕ ਸਿੱਖ ਦੀ ਕੁੱਟਮਾਰ ਕਰਕੇ ਉਸ ਦੀ ਪਗੜੀ ਉਤਾਰਣ ਦੀ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਅਫ਼ਸੋਸ ਤੇ ਹੈਰਾਨੀ ਪ੍ਰਗਟਾਉਂਦਿਆਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਸਹੀ ਅਤੇ ਸਹਿਣਯੋਗ ਨਹੀਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਟਵਿਟਰ ਅਕਾਊਂਟ ’ਤੇ ਇਹ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਹ ਸਹੀ ਅਤੇ ਪ੍ਰਵਾਨਯੋਗ ਨਹੀਂ ਅਤੇ ਇਕ ਸਿੱਖ ਨਾਲ ਕੀਤਾ ਵਤੀਰਾ ਹੈਰਾਨ ਅਤੇ ਪਰੇਸ਼ਾਨ ਕਰਨ ਵਾਲਾ ਹੈ। ਦੱਸਣਯੋਗ ਹੈ ਕਿ ਦਿੱਲੀ ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਸਿੱਖ ਨੌਜਵਾਨ ਦੇ ਨਾਲ ਹੋਈ ਬੇਅਦਬੀ ਦੀ ਘਟਨਾ ਨੂੰ ਸ਼ਰਮਨਾਕ ਦੱਸਿਆ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਵੀਰਵਾਰ ਨੂੰ ਬੰਗਾਲ ਦੇ ਕੋਲਕਾਤਾ ਨਾਲ ਲੱਗੇ ਹਾਵੜਾ ਵਿੱਚ ਪੁਲਿਸ ਨਾਲ ਝੜਪ ਦੌਰਾਨ ਸੁਰੱਖਿਆ ਗਾਰਡ ਬਲਵਿੰਦਰ ਸਿੰਘ ਦਾ ਨਾਂ ਦੇ ਇੱਕ ਵਿਅਕਤੀ ਦੀ ਦਸਤਾਰ ਲਾਹ ਕੇ ਵਾਲਾਂ ਤੋਂ ਘਸੀਟਿਆ ਗਿਆ, ਜਿਸ ਦੀ ਸ਼ੁੱਕਰਵਾਰ ਨੂੰ ਇੱਕ ਵੀਡੀਓ ਵਾਇਰਲ ਹੋ ਗਈ। ਵੀਡੀਓ ਵਿੱਚ ਕੋਲਕਾਤਾ ਪੁਲਿਸ ਇਸ ਸੁਰੱਖਿਆ ਕਰਮਚਾਰੀਆਂ ਨੂੰ ਕੁੱਟਦੀ ਦਿਖਾਈ ਦੇ ਰਹੀ ਹੈ, ਜਿਸ ਦੌਰਾਨ ਉਸਦੀ ਪੱਗ ਦੀ ਬੇਅਦਬੀ ਕਰਦਿਆਂ ਇਸ ਨੂੰ ਖੋਲ੍ਹ ਦਿੱਤਾ ਗਿਆ। ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।