ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ, ਮਾਲਵਿੰਦਰ ਸਿੰਘ ਮਾਲੀ ਵੱਲੋਂ ਕੀਤੀਆਂ ਜਾ ਰਹੀਆਂ ਦੇਸ਼ ਵਿਰੋਧੀ ਵਿਵਾਦਤ ਟਿੱਪਣੀਆਂ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਦੇ ਵਿਰੋਧ ਨੇ ਆਖਰਕਾਰ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਆਪਣੀ ਚੁੱਪੀ ਤੋੜਦੇ ਹੋਏ ਸਲਾਹਕਾਰ ਵਿਰੁੱਧ ਸਖਤ ਨੋਟਿਸ ਲੈਣ ਲਈ ਮਜਬੂਰ ਹੋਣਾ ਪਿਆ ਹੈ, ਪਰ ਇਹ ਕਾਫ਼ੀ ਨਹੀਂ ਹੈ।
ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਦੋਵਾਂ ਸਲਾਹਕਾਰਾਂ ਨੂੰ ਆਪਣੀ ਜ਼ੁਬਾਨ ਨੂੰ ਕਾਬੂ ਵਿੱਚ ਰੱਖਣ ਅਤੇ ਉਹ ਕੰਮ ਕਰਨ ਦੀ ਸਲਾਹ ਦਿੱਤੀ ਹੈ ਜਿਸ ਲਈ ਉਹਨਾਂ ਨੂੰ ਲਾਇਆ ਗਿਆ ਹੈ, ਜਦੋਂ ਕਿ ਮੁੱਖ ਮੰਤਰੀ ਦਾ ਕੰਮ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ,ਪਾਉਣਾ ਚਾਹੀਦਾ ਹੈ, ਨਾ ਕਿ ਸਲਾਹ ਦੇਣਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਰਾਜਧਰਮ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿੱਧੂ ਦੇ ਸਲਾਹਕਾਰ ਵਿਰੁੱਧ ਦੇਸ਼-ਧ੍ਰੋਹ ਦੇ ਕਾਨੂੰਨ ਤਹਿਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮਜੀਠੀਆ ਨੇ ਸਿੱਧੂ ‘ਤੇ ਬੋਲਿਆ ਹਮਲਾ, ਕਿਹਾ-ਸਲਾਹਕਾਰਾਂ ‘ਤੇ ਅਪਰਾਧਿਕ ਕੇਸ ਕੀਤਾ ਜਾਵੇ ਦਰਜ
ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਭ ਕੁਝ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਤੋਂ ਦਿੱਲੀ ਤੱਕ ਕੀਤੇ ਗਏ ਵਿਰੋਧ-ਪ੍ਰਦਰਸ਼ਨਾਂ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਦੇਸ਼ ਵਿਰੋਧੀ ਲੋਕਾਂ ਨੂੰ ਸਿਆਸਤ ਵਿੱਚ ਲਿਆਂਦਾ ਹੈ, ਜੋ ਹਮੇਸ਼ਾ ਲੋਕਾਂ ਨੂੰ ਧਾਰਮਿਕ ਲੀਹਾਂ ‘ਤੇ ਵੰਡਣ ਅਤੇ ਦੇਸ਼ ਵਿਰੋਧੀ ਪ੍ਰਚਾਰ ਕਰਕੇ ਦੇਸ਼ ਨੂੰ ਤੋੜਨ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿਰੋਧੀ ਟਿੱਪਣੀਆਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਲਈ ਦੇਸ਼ ਵਿੱਚ ਕੋਈ ਥਾਂ ਨਹੀਂ ਹੈ ਜੋ ਪਾਕਿਸਤਾਨ ਅਤੇ ਹੋਰ ਦੇਸ਼ ਵਿਰੋਧੀ ਤਾਕਤਾਂ ਦਾ ਸਮਰਥਨ ਕਰਦੇ ਹਨ।
ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕਾਂਗਰਸ ਪ੍ਰਧਾਨ ਸਿੱਧੂ ਦੇ ਸਲਾਹਕਾਰਾਂ ਵਿਰੁੱਧ ਦੇਸ਼ਧ੍ਰੋਹ ਦੀ ਧਾਰਾ ਅਧੀਨ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇਕਰ ਅਜਿਹਾ ਨਾ ਹੋਇਆ ਤਾਂ ਭਾਰਤੀ ਜਨਤਾ ਪਾਰਟੀ ਨਵਜੋਤ ਸਿੱਧੂ ਦੇ ਸਾਰੇ ਪ੍ਰੋਗਰਾਮਾਂ ਦੇ ਨਾਲ-ਨਾਲ ਸਿੱਧੂ ਦੇ ਸਲਾਹਕਾਰਾਂ ਦਾ ਵੀ ਪੂਰੇ ਪੰਜਾਬ ਵਿੱਚ ਵਿਰੋਧ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ : ਅਨਿੰਦਿਤਾ ਮਿੱਤਰਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਸੰਭਾਲਿਆ ਚਾਰਜ