ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਵਾਪਸ ਦੇਣ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ । ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਹਿ ਦਿੱਤਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ ।
ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਹੋਈ ਤਾਂ ਰਾਜਧਾਨੀ ਮੂਲ ਰਾਜ ਕੋਲ ਹੀ ਰਹਿੰਦੀ ਹੈ । ਇਸ ਲਈ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਹੈ। ਇਸ ਤੋਂ ਪਹਿਲਾਂ ਵੀ ਸਦਨ ਨੇ ਕਈ ਮਤੇ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਸੀ । ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਜਾ ਰਿਹਾ ਹੈ। ਕੇਂਦਰ ਨੂੰ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਚੰਡੀਗੜ੍ਹ ਦਾ ਸੰਤੁਲਨ ਵਿਗੜੇ।
ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਇਹ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ‘ਤੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਦਨ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਵਿਰੋਧੀ ਵਿਧਾਇਕਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇਹ ਅਹਿਮ ਪ੍ਰਸਤਾਵ ਪਹਿਲੀ ਅਪ੍ਰੈਲ ਨੂੰ ਲਿਆਂਦਾ ਗਿਆ ਹੈ। ਇਸ ‘ਤੇ CM ਮਾਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਇਹ ਅਹਿਮ ਨਿਯਮ ਅੱਜ ਤੋਂ ਲਾਗੂ ਹੋ ਰਿਹਾ ਹੈ। ਇਸ ਲਈ ਉਹ ਅੱਜ ਹੀ ਪ੍ਰਸਤਾਵ ਪੇਸ਼ ਕਰ ਰਹੇ ਹਨ। ਇਹ ਗੰਭੀਰ ਵਿਸ਼ਾ ਹੈ ਤੇ ਇਸ ‘ਤੇ ਮਜ਼ਾਕ ਨਹੀਂ ਹੋਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -: