ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ : ਨਿਵੇਸ਼ਕਾਂ ਦਾ ਭਰੋਸਾ’ ਵਿਸ਼ੇ ‘ਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ `ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ।
ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦੀ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦੀ ਅਗਲੇ ਸਾਲ ਤੱਕ ਜਮ੍ਹਾ ਕਰਵਾਉਣਾ ਹੋਵੇਗਾ।
ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਅੰਦਰ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਮੋਹਰੀ ਰਾਜ ਵਜੋਂ ਉਭਾਰਨ ਲਈ ਵਪਾਰ ਅਤੇ ਉਦਯੋਗ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਵਿੱਚ ਭਰੋਸਾ ਪੈਦਾ ਕਰਨ ਵਾਸਤੇ ਕੀਤੀਆਂ ਵੱਡੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਸੂਬੇ ਦੀ ਉਦਯੋਗਿਕ ਰਾਜਧਾਨੀ ਵਿਖੇ ਬੁਲਾਈ ਗਈ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਨਿਵੇਸ਼ਕ ਪੱਖੀ ਪਹਿਲਕਦਮੀਆਂ ਅਤੇ ਰਿਆਇਤਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੀਐਸਟੀ ਅਤੇ ਵੈਟ ਦੀ ਬਿਨਾਂ ਹਾਜ਼ਰ ਹੋਏ ਮੁਲਾਂਕਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਕਾਰਨ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਟੈਕਸ ਅਫਸਰਾਂ ਅੱਗੇ ਆਪਣੇ ਆਪ ਨੂੰ ਪੇਸ਼ ਕਰਨ ਦੀ ਲੋੜ ਨਹੀਂ ਹੈ।
ਸ. ਚੰਨੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਵਿੱਚ ਪਹਿਲਾਂ 14 ਵਿਅਕਤੀਆਂ ਵਾਲੀ ਮੋਬਾਈਲ ਸਕੁਐਡ ਨੂੰ ਵੀ ਘਟਾ ਕੇ ਸਿਰਫ਼ ਚਾਰ ਵਿਅਕਤੀਆਂ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ 2011 ਤੋਂ ਪ੍ਰਚਲਿਤ ਸੰਸਥਾਗਤ ਟੈਕਸ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐਸਆਈਡੀਸੀ), ਪੰਜਾਬ ਵਿੱਤੀ ਨਿਗਮ (ਪੀਐਫਸੀ) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਵਿੱਚ ਡਿਫਾਲਟਰਾਂ ਲਈ ਯਕਮੁਸ਼ਤ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ ਮੁੱਖ ਮੰਤਰੀ ਸ. ਚੰਨੀ ਨੇ ਇਹ ਵੀ ਕਿਹਾ ਕਿ ਪੰਜਾਬ ਸਟੇਟ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਪਲਾਟ ਧਾਰਕਾਂ ਲਈ ਮੁਆਫ਼ੀ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨਾਂ ‘ਤੇ ਫਿਕਸਡ ਚਾਰਜਿਜ਼ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇੱਕ ਹੋਰ ਨਿਵੇਸ਼ਕ ਪੱਖੀ ਪਹਿਲਕਦਮੀ ਵਿੱਚ ਸ. ਚੰਨੀ ਨੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸ਼ਾਹਿਤ ਕਰਨ ਹਿੱਤ ਉਦਯੋਗ ਨੂੰ ਮੌਜੂਦਾ 6 ਕਰਮਾਂ ਤੋਂ ਘਟਾ ਕੇ 4 ਕਰਮਾਂ ਤੱਕ ਕਰਨ ਲਈ ਸ਼ਰਤ ਵਿੱਚ ਢਿੱਲ ਦੇਣ ਦਾ ਵੀ ਐਲਾਨ ਕੀਤਾ।
ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦ ਹੀ ਚੇਂਜ ਆਫ਼ ਲੈਂਡ ਯੂਜ਼ ਪ੍ਰਕਿਰਿਆ ਨੂੰ ਸਰਲ ਬਣਾਵੇਗੀ ਤਾਂ ਜੋ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਉੱਦਮ ਸਥਾਪਤ ਕਰਨ ਲਈ ਸਹੂਲਤ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦ ਪਾਰੋਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਵਿਖੇ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ।
ਚੰਨੀ ਨੇ ਇਹ ਵੀ ਕਿਹਾ ਕਿ ਇਸ ਖੇਤਰ ਵਿੱਚ ਮਨੋਰੰਜਨ ਸਬੰਧੀ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੰਜਾਬੀ ਕਲਾ, ਸੱਭਿਆਚਾਰ ਅਤੇ ਸੰਗੀਤ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਨੇੜੇ ਇੱਕ ਫਿਲਮ ਸਿਟੀ ਸਥਾਪਤ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਨਿਵੇਸ਼ ਪੰਜਾਬ ਦੇ ਜ਼ਿਲ੍ਹਾ ਪੱਧਰੀ ਦਫਤਰਾਂ ਦਾ ਡਿਜੀਟਲ ਤੌਰ ਉੱਤੇ ਉਦਘਾਟਨ ਕੀਤਾ। ਉਹਨਾਂ ਨੇ ਨਿਵੇਸ਼ ਪੰਜਾਬ ਵੱਲੋਂ ਕੀਤਿਆਂ ਪਹਿਲਕਦਮੀਆਂ ਨੂੰ ਦਰਸਾਉਂਦਾ ਕਿਤਾਬਚਾ ਵੀ ਜਾਰੀ ਕੀਤਾ ਤਾਂ ਕਿ ਵਪਾਰ ਦੇ ਵਿਆਪਕ ਵਿਕਾਸ ਨੂੰ ਹੁਲਾਰਾ ਮਿਲ ਸਕੇ।
ਇਹ ਵੀ ਪੜ੍ਹੋ : ਕੈਪਟਨ ਨੂੰ ਝਟਕਾ, ਚੋਣਾਂ ਤੋਂ ਪਹਿਲਾਂ ਬਲਬੀਰ ਸਿੱਧੂ ਤੇ ਰਾਹੁਲ ਗਾਂਧੀ ਵਿਚਾਲੇ ਹੋਈ ਮੁਲਾਕਾਤ
ਇਸ ਸੰਮੇਲਨ ਵਿੱਚ ਉਪ ਮੁੱਖ ਮੰਤਰੀ ਓ.ਪੀ.ਸੋਨੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਕੀਰਤ ਸਿੰਘ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਵਿਜੈ ਇੰਦਰ ਸਿੰਗਲਾ ਸਣੇ ਹੋਰ ਵੀ ਸੰਸਦ ਮੈਂਬਰ ਤੇ ਉਦਯੋਗ ਜਗਤ ਦੀਆਂ ਵੱਡੀਆਂ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।